*ਕਿਸਾਨ ਜਥੇਬੰਦੀਆਂ ਦੇ ਧਰਨੇ ਵਿਚ ਆਮ ਲੋਕਾਂ ਵਾਂਗ ਸਾਥੀਆਂ ਸਮੇਤ ਹੋਏ ਸ਼ਾਮਿਲ
ਨਵਾਂਸ਼ਹਿਰ, 25 ਸਤੰਬਰ :
ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਦੇਸ਼ ਵਿਆਪੀ ਬੰਦ ਦੇ ਸੱਦੇ ਦੌਰਾਨ ਲਗਾਏ ਰੋਸ ਧਰਨਿਆਂ ਤਹਿਤ ਅੱਜ ਲੰਗੜੋਆ ਬਾਈਪਾਸ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਵਿਸ਼ਾਲ ਧਰਨੇ ਵਿਚ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਆਮ ਲੋਕਾਂ ਵਾਂਗ ਸਾਥੀਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਉਨਾਂ ਕਿਹਾ ਕਿ ਇਕ ਸੱਚਾ ਕਿਸਾਨ ਹਿਤੈਸ਼ੀ ਹੋਣ ਦੇ ਨਾਤੇ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਦੀ ਧੱਕੇਸ਼ਾਹੀ ਖਿਲਾਫ਼ ਕਿਸਾਨਾਂ ਨਾਲ ਮੋੋਢੇ ਨਾਲ ਮੋਢਾ ਜੋੜ ਕੇ ਲੜਨਗੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਆਰਥਿਕਤਾ ਦਾ ਧੁਰਾ ਕਿਸਾਨੀ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ, ਜਿਸ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਅਤੇ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਆਪਣੇ ਖ਼ੂਨ-ਪਸੀਨੇ ਦੀ ਮਿਹਨਤ ਨਾਲ ਦੇਸ਼ ਦੇ ਅੰਨ ਭੰਡਾਰ ਭਰਨ ਵਾਲਾ ਅੰਨਦਾਤਾ ਸੜਕਾਂ ’ਤੇ ਆਉਣ ਲਈ ਮਜਬੂਰ ਹੋਇਆ ਹੈ। ਉਨਾਂ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਹੈ ਸਗੋਂ ਸਾਡੇ ਸਾਰਿਆਂ ਦੀ ਲੜਾਈ ਹੈ, ਕਿਉਂਕਿ ਸਮੁੱਚੇ ਪੰਜਾਬ ਦੀ ਆਰਥਿਕਤਾ ਕਿਸਾਨੀ ’ਤੇ ਹੀ ਟਿਕੀ ਹੋਈ ਹੈ। ਇਸ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ, ਤਾਂ ਜੋ ਕੇਂਦਰ ਸਰਕਾਰ ਕਿਸਾਨ ਮਾਰੂ ਬਿੱਲਾਂ ਨੂੰ ਵਾਪਸ ਲੈਣ ਲਈ ਮਜਬੂਰ ਹੋ ਜਾਵੇ। ਉਨਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਉਹ ਹਰੇਕ ਸੰਘਰਸ਼ ਵਿਚ ਵੱਧ-ਚੜ ਕੇ ਹਿੱਸਾ ਲੈਣਗੇ।