ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਸਣੇ ਹੋਰ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗਾਂ
ਬਕਾਇਆ ਰਿਕਵਰੀ ਕੇਸਾਂ ਸਣੇ ਹੋਰ ਸਕੀਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਾਉਣ ਦੀ ਹਦਾਇਤ
ਬਰਨਾਲਾ, 27 ਅਪ੍ਰੈਲ 2022
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਭਾਗੀ ਕੰਮਾਂ/ਸਕੀਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਇਸ ਮੌਕੇ ਸੇਵਾਵਾਂ ਦਾ ਜਾਇਜ਼ਾ ਲੈਂਦੇ ਹੋਏ ਉਨਾਂ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਜਾਂ ਪੀਜੀਆਰਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ ਅਤੇ ਇਨਾਂ ਦਾ ਤੁਰੰਤ ਨਿਬੇੜਾ ਕੀਤਾ ਜਾਵੇ, ਖਾਸ ਕਰ ਕੇ ਵਿਦਿਆਰਥੀਆਂ ਦੇ ਦਾਖ਼ਲੇ ਦੇ ਮੱਦੇਨਜ਼ਰ ਆਮਦਨ ਸਰਟੀਫਿਕੇਟਾਂ, ਰਿਹਾਇਸ਼ ਸਰਟੀਫਿਕੇਟਾਂ ਆਦਿ ਦੀਆਂ ਦਰਖਾਸਤਾਂ ’ਚ ਦੇਰੀ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਅਤੇ ਸਰਕਲ ਰੈਵੇਨਿਊ ਅਫਸਰਾਂ ਨੂੰ ਰਿਕਵਰੀ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।
ਈ-ਆਫਿਸ ਪ੍ਰੋਗਰਾਮ ਦੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਸਮਾਂਬੱਧ, ਪਾਰਦਰਸ਼ੀ ਸੇਵਾਵਾਂ ਅਤੇ ਦਫ਼ਤਰੀ ਕੰਮਕਾਜ ਨੂੰ ਆਨਲਾਈਨ ਕਰਨ ਦੇ ਉਦੇਸ਼ ਨਾਲ ਲਾਗੂ ਕੀਤੇ ਈ-ਆਫਿਸ ਪ੍ਰਾਜੈਕਟ ਤਹਿਤ ਪੈਂਡੈਂਸੀ ਨੂੰ ਨਾਲੋ-ਨਾਲ ਖਤਮ ਕੀਤਾ ਜਾਵੇ। ਇਸ ਮੌਕੇ ਉਨਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਤੋਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦੇ ਕੰਮ ਦਾ ਜਾਇਜ਼ਾ ਵੀ ਲਿਆ।
ਉਨਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਕਾਰਜ ਸਾਧਕ ਅਫਸਰਾਂ ਨੂੰ ਪਲਾਸਟਿਕ ਦੀ ਵਰਤੋਂ ਰੋਕਣ ਲਈ ਸਖ਼ਤੀ ਨਾਲ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੇ ਸਖਤੀ ਨਾਲ ਹੁਕਮ ਦਿੱਤੇ ਗਏ ਹਨ, ਜਿਸ ਸਬੰਧੀ ਉਨਾਂ ਸਬੰਧਤ ਅਧਿਕਾਰੀਆਂ ਨੂੰ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਸੇਫ ਸਕੂਲ ਵਾਹਨ ਨੀਤੀ ਤਹਿਤ ਡਿਪਟੀ ਕਮਿਸ਼ਨਰ ਨੇ ਆਰਟੀਏ ਤੇ ਪੁਲੀਸ ਵਿਭਾਗ ਨੂੰ ਸਮੇਂ ਸਮੇਂ ’ਤੇ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਾਜਿੰਦਰ ਬੱਤਰਾ, ਐਸਪੀ ਕੁਲਦੀਪ ਸਿੰਘ, ਜ਼ਿਲਾ ਮਾਲ ਅਫਸਰ ਗਗਨਦੀਪ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।