ਐਸ.ਡੀ.ਐਮ. ਪਟਿਆਲਾ ਨੇ ਪਿੰਡ ਭੇਡਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ

ਝੋਨੇ ਦੀ ਸਿੱਧੀ ਬਿਜਾਈ ਨਾਲ ਹੋਣ ਵਾਲੇ ਫ਼ਾਇਦੇ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਸਮੇਂ ਲੋੜ : ਇਸਮਿਤ ਵਿਜੈ ਸਿੰਘ
-ਕਿਸਾਨ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ
ਪਟਿਆਲਾ, 26 ਮਈ :- 

ਪਟਿਆਲਾ ਜ਼ਿਲ੍ਹੇ ‘ਚ ਝੋਨੇ ਦੀ ਸਿੱਧੀ ਬਿਜਾਈ (ਤਰ ਵੱਤਰ) ਹੇਠ ਰਕਬਾ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਪਿੰਡਾਂ ‘ਚ ਜਾਕੇ ਕਿਸਾਨਾਂ ਤੱਕ ਆਪਣੀ ਪਹੁੰਚ ਬਣਾ ਰਿਹਾ ਹੈ, ਇਸੇ ਮੁਹਿੰਮ ਤਹਿਤ ਅੱਜ ਐਸ.ਡੀ.ਐਮ ਪਟਿਆਲਾ ਇਸਮਿਤ ਵਿਜੈ ਸਿੰਘ ਨੇ ਪਟਿਆਲਾ ਬਲਾਕ ਦੇ ਪਿੰਡ ਭੇਡਪੁਰਾ ਵਿਖੇ ਜਾਕੇ ਕਿਸਾਨ ਹਰਪ੍ਰੀਤ ਸਿੰਘ ਦੇ ਖੇਤਾਂ ‘ਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ।
ਇਸ ਮੌਕੇ ਐਸ.ਡੀ.ਐਮ. ਇਸਮਿਤ ਵਿਜੈ ਸਿੰਘ ਨੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਵੱਲੋਂ ਕੀਤੀ ਜਾ ਰਹੀ ਸਿੱਧੀ ਬਿਜਾਈ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਕਿਸਾਨਾਂ ਨੂੰ ਤਰ ਵੱਤਰ ਤਕਨੀਕ ਨਾਲ ਹੋਣ ਵਾਲਿਆਂ ਫ਼ਾਇਦਿਆਂ ਸਬੰਧੀ ਜਾਗਰੂਕ ਕਰਨਾ ਹੁਣ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀ ਹਾਲੇ ਵੀ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਾਲਾਂ ‘ਚ ਸਾਨੂੰ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਵੇਗਾ।
ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪਿੰਡ ਪੱਧਰ ਉੱਪਰ ਕਿਸਾਨਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਬਲਾਕ ਦੇ ਖੇਤੀਬਾੜੀ ਅਧਿਕਾਰੀਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜੁਪਿੰਦਰ ਸਿੰਘ ਗਿੱਲ, ਡਾ. ਜਸਪਿੰਦਰ ਕੌਰ, ਡਾ. ਪਰਮਜੀਤ ਕੌਰ, ਖੇਤੀਬਾੜੀ ਵਿਸਥਾਰ ਅਫ਼ਸਰ ਦੌਣ ਕਲਾਂ ਡਾ. ਰਵਿੰਦਰਪਾਲ ਸਿੰਘ ਚੱਠਾ ਅਤੇ ਖੇਤੀਬਾੜੀ ਉਪ ਨਿਰੀਖਕ ਹਰਿੰਦਰ ਸਿੰਘ ਵੱਲੋਂ ਇਸ ਵਿਧੀ ਦੇ ਤਕਨੀਕੀ ਨੁਕਤੇ ਆਪਣੇ-ਆਪਣੇ ਸਰਕਲ ਦੇ ਪਿੰਡਾਂ ਵਿਚ ਸਾਂਝੇ ਕੀਤੇ ਜਾ ਰਹੇ ਹਨ।
ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਬਲਾਕ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਪਿੰਡ ਪੱਧਰ ਤੇ ਲਗਾ ਕੇ ਕਿਸਾਨਾਂ ਨੂੰ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਤਰ ਵੱਤਰ ਵਿਧੀ ਵਿਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਹੱਲ ਕਰਨ ਲਈ ਵੱਖ-ਵੱਖ ਸਾਧਨਾਂ ਰਾਹੀਂ ਹੱਲ ਵੀ ਦੱਸੇ ਜਾ ਰਹੇ ਹਨ। ਇਸ ਮੌਕੇ ਲਗਭਗ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। ਕਿਸਾਨ ਗੁਰਦੀਪ ਸਿੰਘ ਜੋ ਕਿ ਕਾਫ਼ੀ ਸਮੇਂ ਤੋਂ ਆਪਣੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ, ਉਸ ਨੇ ਕਿਸਾਨਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ।
ਕੈਪਸ਼ਨ : ਐਸ.ਡੀ.ਐਮ. ਪਟਿਆਲਾ ਇਸਮਿਤ ਵਿਜੈ ਸਿੰਘ ਪਿੰਡ ਭੇਡਪੁਰਾ ਵਿਖੇ ਆਂਗਹਵਧੂ ਕਿਸਾਨ ਹਰਪ੍ਰੀਤ ਸਿੰਘ ਦੇ ਖੇਤਾਂ ‘ਚ ਝੋਨੇ ਸਿੱਧੀ ਬਿਜਾਈ ਸ਼ੁਰੂ ਕਰਵਾਉਂਦੇ ਹੋਏ।

 

Spread the love