ਪਟਿਆਲਾ, 15 ਅਗਸਤ:-
ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਹਿੱਤ ਆਰੰਭੇ ਗਏ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮੁਹਿੰਮ ਅਧੀਨ ਕਾਲਜ ਵਿਖੇ ਡਾ. ਬਲਬੀਰ ਸਿੰਘ, ਐਮ.ਐਲ.ਏ. ਦਿਹਾਤੀ, ਪਟਿਆਲਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਅਵਸਰ ‘ਤੇ ਮੁੱਖ ਮਹਿਮਾਨ, ਕਾਲਜ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਾਲਜ ਦੀ ਕੰਧ ‘ਤੇ ਲਗਾਈਆਂ ਗਈਆਂ ਸ਼ਹੀਦਾਂ/ਵਿਦਵਾਨਾਂ/ਸਾਇੰਸਦਾਨਾਂ ਦੀਆਂ ਤਸਵੀਰਾਂ ਉੱਪਰ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹੋਏ ਦੇਸ਼ ਦੇ ਆਜ਼ਾਦੀ ਸੰਗਰਾਮ ‘ਚ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀ ਦੇ ਸੰਘਰਸ਼ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੇ ਲੱਖਾ ਲੋਕਾਂ ਵੱਲੋਂ ਕੀਤੇ ਬਲੀਦਾਨ ਸਦਕਾ ਹੀ ਅਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਉਨ੍ਹਾਂ ਕਾਲਜ ਦੇ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਨੂੰ ਕਾਲਜ ਦੀਆਂ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਵਧਾਈ ਦਿੱਤੀ ਅਤੇ ਅੱਜ ਦੇ ਸੰਦਰਭ ਵਿੱਚ ਅਧਿਆਪਕਾਂ ਅਤੇ ਵਿਸ਼ੇਸ਼ ਤੌਰ ‘ਤੇ ਸਟੇਟ ਕਾਲਜ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵਿਸ਼ੇਸ਼ ਤੌਰ ‘ਤੇ ਸਰਾਹਨਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਕਾਲਜ ਦੇ ਬੈਸਟ ਸੈਲਫ਼ੀ ਵਾਲੇ ਵਿਦਿਆਰਥੀਆਂ ਨੈਂਸੀ, ਜਸਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੂੰ ਇਨਾਮ ਪ੍ਰਦਾਨ ਕੀਤੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਅਜ਼ਾਦੀ ਸੰਬੰਧੀ ਆਪਣੇ ਵਡਮੁੱਲੇ ਵਿਚਾਰ ਪੇਸ਼ ਕਰਦਿਆਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।