ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜੀ ਸੀ, ਖੜੀ ਹੈ ਤੇ ਖੜੀ ਰਹੇਗੀ -ਧਰਮਸੋਤ

ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜੀ ਸੀ, ਖੜੀ ਹੈ ਤੇ ਖੜੀ ਰਹੇਗੀ -ਧਰਮਸੋਤ

-ਮੁੱਖ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਲਈ 58 ਕਰੋੜ ਰੁਪਏ ਦੇ ਕੰਮ ਦੀ ਕੀਤੀ ਗਈ ਸ਼ੁਰੂਆਤ
-ਸਰਕਾਰ ਵੱਲੋਂ ਸਮਾਂਬੱਧ ਤਰੀਕੇ ਨਾਲ ਸ਼ਹਿਰੀ ਵਿਕਾਸ ਦੇ ਕੰਮਾਂ ਨੂੰ ਕੀਤਾ ਜਾਵੇਗਾ ਪੂਰਾ : ਕੈਬਨਿਟ ਮੰਤਰੀ
ਪਟਿਆਲਾ, 24 ਅਕਤੂਬਰ:
ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸਾਨਾਂ ਨਾਲ ਖੜੀ ਸੀ, ਖੜੀ ਹੈ ਤੇ ਖੜੀ ਰਹੇਗੀ, ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਵਿਰੋਧੀ ਕਾਨੂੰਨ ਪਾਸ ਕੀਤੇ ਗਏ ਹਨ ਉਨ੍ਹਾਂ ਖ਼ਿਲਾਫ਼ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਪ੍ਰਵਾਹ ਨਾ ਕਰਦਿਆ ਵਿਧਾਨ ਸਭਾ ‘ਚ ਵੱਡੇ ਫ਼ੈਸਲੇ ਲਏ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੈਬ ਕਾਨਫਰੰਸ ਰਾਹੀਂ ਪੰਜਾਬ ਦੇ ਸ਼ਹਿਰੀ ਢਾਂਚੇ ਦੇ ਮੁਹਾਂਦਰੇ ‘ਚ ਬਦਲਾਅ ਦੇ ਦੂਜੇ ਪੜਾਅ ਦੀ ਆਨਲਾਈਨ ਸ਼ੁਰੂਆਤ ਕਰਨ ਮੌਕੇ ਪਟਿਆਲਾ ਜ਼ਿਲ੍ਹੇ ‘ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੇ ਬੁਨਿਆਦੀ ਢਾਂਚੇ ਅਤੇ ਉਚ ਪੱਧਰੀ ਨਾਗਰਿਕ ਸਹੂਲਤਾਂ ਦੇਣ ਲਈ ਅੱਜ ਸ਼ੁਰੂ ਕੀਤੇ ਕਰੀਬ 58 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਹੋਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਦਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵੱਲੋਂ ਸਮਰਥਨ ਤੇ ਬਾਅਦ ਵਿੱਚ ਯੂ ਟਰਨ ਲੈਣਾ ਉਨ੍ਹਾਂ ਦੀ ਕਿਸਾਨ ਵਿਰੋਧੀ ਮਨਸ਼ਾ ਜਾਹਰ ਕਰਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪੰਜਾਬ ਦੇ ਪਾਣੀ ਲਈ ਤੇ ਹੁਣ ਪੰਜਾਬ ਦੀ ਕਿਸਾਨੀ ਲਈ ਵੱਡੇ ਫੈਸਲੇ ਲੈਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਹਿੱਤਾਂ ਲਈ ਹਮੇਸ਼ਾਂ ਡੱਟਕੇ ਖੜੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸ਼ਹਿਰੀ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕਰਵਾਏ ਗਏ ਕੰਮਾਂ ਤਹਿਤ ਪਟਿਆਲਾ ਨਗਰ ਨਿਗਮ ਵੱਲੋਂ ਪਟਿਆਲਾ ਸ਼ਹਿਰ ਦੀਆਂ ਸੜਕਾਂ ਤੇ ਪਾਰਕਾਂ ਦੀ ਮੁਰੰਮਤ ਲਈ ਅਤੇ ਨਵੀਨੀਕਰਨ ਦੇ 40 ਕਰੋੜ ਰੁਪਏ ਦੇ ਕੰਮ ਅਤੇ 14 ਕਰੋੜ ਰੁਪਏ ਨਾਲ ਪਟਿਆਲਾ ਸ਼ਹਿਰ ਦੀਆਂ ਸੀਵਰੇਜ਼ ਅਤੇ ਵਾਟਰ ਸਪਲਾਈ ਦੀਆਂ ਨਵੀਆਂ ਅਤੇ ਪੁਰਾਣੀਆਂ ਲਾਈਨਾਂ ਨੂੰ ਬਦਲਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ‘ਚ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਜਿਸ ਤਹਿਤ ਰਾਜਪੁਰਾ ਲਈ 108.22 ਲੱਖ ਰੁਪਏ, ਸਮਾਣਾ ਲਈ 46.19 ਲੱਖ ਰੁਪਏ, ਪਾਤੜ੍ਹਾਂ ‘ਚ 44.28 ਲੱਖ ਰੁਪਏ, ਘੱਗਾ ਲਈ 22.27 ਲੱਖ ਰੁਪਏ, ਸਨੌਰ ਲਈ 47.12 ਲੱਖ ਰੁਪਏ, ਘਨੌਰ ਲਈ 27.55 ਲੱਖ ਅਤੇ ਭਾਦਸੋਂ ‘ਚ 92.79 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਨਿਰਧਾਰਤ ਸਮੇਂ ‘ਤੇ ਪੂਰੇ ਕੀਤੇ ਜਾਣਗੇ।
ਸਮਾਰੋਹ ਦੌਰਾਨ ਐਮ.ਐਲ.ਏ. ਸਮਾਣਾ ਸ. ਰਜਿੰਦਰ ਸਿੰਘ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਨਤੀ ਸੰਗਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ. ਸੰਤੋਖ ਸਿੰਘ, ਇੰਪਰੂਵਮੈਂਟ ਟਰਸਟ ਚੇਅਰਮੈਨ ਸ੍ਰੀ ਸੰਤ ਬਾਂਗਾ, ਪਨਗਰੇਨ ਦੇ ਡਾਇਰੈਕਟਰ ਸ੍ਰੀ ਰਜਨੀਸ਼ ਸ਼ੋਰੀ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸ੍ਰੀ ਅਨੁਜ ਖੋਸਲਾ ਅਤੇ ਸ੍ਰੀ ਸੋਨੂੰ ਸੰਗਰ ਸ਼ਾਮਲ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀ ਅਵਿਕੇਸ਼ ਕੁਮਾਰ, ਸਹਾਇਕ ਕਮਿਸ਼ਨਰ (ਯੂ.ਟੀ.) ਜਗਨੂਰ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਮਿਸ ਜਸਲੀਨ ਕੌਰ ਅਤੇ ਡੀ.ਐਫ.ਓ. ਸ. ਹਰਭਜਨ ਸਿੰਘ ਮੌਜੂਦ ਸਨ।
ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਪਟਿਆਲਾ ਵਿਖੇ ਪੰਜਾਬ ਦੇ ਸ਼ਹਿਰੀ ਢਾਂਚੇ ਦੇ ਮੁਹਾਂਦਰੇ ‘ਚ ਬਦਲਾਅ ਦੇ ਦੂਜੇ ਪੜਾਅ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ‘ਚ ਸ਼ਿਰਕਤ ਕਰਦੇ ਹੋਏ। ਉਨ੍ਹਾਂ ਦੇ ਨਾਲ ਐਮ.ਐਲ.ਏ. ਰਜਿੰਦਰ ਸਿੰਘ, ਪੀਆਰਟੀਸੀ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ।

Spread the love