ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ

ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 18 ਮਾਰਚ :-

ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ।
ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ  ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

ਹੋਰ ਪੜ੍ਹੋ :- ਕੈਨੇਡਾ ਦੀਆਂ ਤਿੰਨ ਦਰਜਨ ਪੰਜਾਬੀ ਡਾਇਸਪੋਰਾ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ 

—–

Spread the love