ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

Mr. Satwant Singh
Shri Satwant Singh

ਬਰਨਾਲਾ, 29 ਜਨਵਰੀ 2024

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।

ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨ੍ਹਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਾਉਣਾ ਜ਼ਰੂਰੀ ਹੋਵੇਗਾ। ਜੇਕਰ ਪੰਪ ਦੀ ਮੁਰੰਮਤ ਕਰਨੀ ਹੈ ਤਾਂ ਖੂਹ ਜਾਂ ਬੋਰ ਖੁੱਲ੍ਹਾ ਨਹੀ ਛੱਡਿਆ ਜਾਵੇਗਾ।

ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ’ਤੇ ਜ਼ਮੀਨ ਦੇ ਪੱਧਰ ਤੋਂ ਉਤੇ ਥੱਲੇ ਸੀਮੈਂਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਾਇਆ ਜਾਵੇ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ ਬੋਰ ਖੁੱਲ੍ਹਾ ਨਾ ਛੱਡਿਆ ਜਾਵੇਗਾ। ਬੋਰ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰ੍ਹਾਂ ਭਰਿਆ ਜਾਵੇਗਾ। ਨਕਾਰਾ ਬੰਦ ਪਏ ਖੂਹ ਜਾਂ ਬੋਰ ਨੂੰ ਚੀਕਨੀ ਮਿੱਟੀ/ ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨ ਯਕੀਨੀ ਬਣਾਇਆ ਜਾਵੇ। ਬੋਰ ਦੀ ਖੁਦਾਈ ਦਾ ਕੰਮ ਮੁਕੰਮਲ ਹੋਣ ’ਤੇ ਜ਼ਮੀਨ ਦੀ ਸਥਿਤੀ ਪਹਿਲਾ ਵਾਲੀ ਬਹਾਲ ਹੋਣੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਡੀ.ਡੀ.ਪੀ.ਓ ਬਰਨਾਲਾ ਸਾਰੇ ਜ਼ਿਲ੍ਹੇ ਦੇ ਬੋਰ/ਖੂਹ ਦੀ ਸੂਚਨਾ ਸਰਪੰਚਾਂ ਕੋਲੋ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣਗੇ। ਇਹ ਹੁਕਮ ਮਿਤੀ 27 ਮਾਰਚ, 2024 ਤੱਕ ਲਾਗੂ ਰਹਿਣਗੇ।

Spread the love