– ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ ‘ਤੇ ਦਿੱਤਾ ਜ਼ੋਰ
– ਸਰਕਾਰੀ ਸਕੂਲਾਂ ‘ਚ ਦਾਖਲੇ ਵਧਾਉਣ ਲਈ ਸਿੱਖਿਆ ਵਿਭਾਗ ਦੀ ਵੀ ਕੀਤੀ ਸ਼ਲਾਘਾ
ਲੁਧਿਆਣਾ, 8 ਅਗਸਤ 2024
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ 19 ਲੱਖ ਬੂਟੇ ਲਾਉਣ ਦੇ ਟੀਚੇ ਦਾ 90 ਫੀਸਦੀ ਪਹਿਲਾਂ ਹੀ ਹਾਸਲ ਕਰ ਲਿਆ ਗਿਆ ਹੈ।
ਕੈਬਨਿਟ ਮੰਤਰੀ ਕਟਾਰੁਚਕ ਨੇ ਸਪੱਸ਼ਟ ਕੀਤਾ ਕਿ ਇਹ ਵਿਸ਼ਾਲ ਪੌਦਾਰੋਪਣ ਮੁਹਿੰਮ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਹੈ, ਜੋ ਕੁਦਰਤ ਪ੍ਰੇਮੀ ਸਨ ਅਤੇ ਆਪਣੀਆਂ ਸਿੱਖਿਆਵਾਂ ਰਾਹੀਂ ਹਵਾ, ਪਾਣੀ, ਜੈਵ ਵਿਭਿੰਨਤਾ ਅਤੇ ਜੰਗਲਾਂ ਦੀ ਸੁਰੱਖਿਆ ਦੇ ਮਹੱਤਵ ‘ਤੇ ਜ਼ੋਰ ਦਿੰਦੇ ਸਨ। ਉਨ੍ਹਾਂ ਬੂਟੇ ਲਗਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਸਾਰਿਆਂ ਦਾ ਫਰਜ਼ ਹੈ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ ਤੇ ਹੋਰ ਮੌਜੂਦ ਸਨ।
ਕੈਬਨਿਟ ਮੰਤਰੀ ਕਟਾਰੁਚੱਕ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਧੇ ਹੋਏ ਦਾਖਲਿਆਂ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਵੀ ਕੀਤੀ, ਜਿਸ ਵਿੱਚ ਇਸ ਸਾਲ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਲਗਭਗ 15000 ਨਵੇਂ ਦਾਖਲੇ ਹੋਏ ਹਨ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ ਵੀ ਹਨ, ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰਾਜੈਕਟ, ਸਮਾਰਟ ਸਿਟੀ ਵਰਕਸ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ, ਪੀ.ਐਸ.ਪੀ.ਸੀ.ਐਲ., ਸੀਵਰੇਜ ਬੋਰਡ, ਖੁਰਾਕ ਸਪਲਾਈ, ਜੰਗਲਾਤ ਵਿਭਾਗ ਅਤੇ ਹੋਰਾਂ ਨਾਲ ਸਬੰਧਤ ਸਕੀਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਲੁਧਿਆਣਾ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹਰ ਮਹੀਨੇ ਵਿਧਾਇਕਾਂ ਅਤੇ ਵਿਭਾਗਾਂ ਦੇ ਮੁਖੀਆਂ ਦੀ ਸਾਂਝੀ ਮੀਟਿੰਗ ਕਰਨ ਲਈ ਵੀ ਕਿਹਾ।