ਆਮ ਆਦਮੀ ਕਲੀਨਿਕ ਸੁਰਤਾਪੁਰ ਬੜਾ ਦਾ ਦੌਰਾ ਕਰਦਿਆਂ ਮਰੀਜ਼ਾਂ ਨੂੰ ਦਿੱਤੀ ਜਾ ਰਹੀਆਂ ਸਿਹਤ ਸਹੂਲਤਾਂ ਦਾ ਕੀਤਾ ਨਿਰੀਖਣ
ਸ੍ਰੀ ਚਮਕੌਰ ਸਾਹਿਬ, 28 ਅਗਸਤ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸੁਰਤਾਪੁਰ ਬੜਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਸੁਰਤਾਪੁਰ ਬੜਾ ਵਿਖੇ ਅਚਨਚੇਤ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ ਹੈ।
ਡਾ. ਪ੍ਰੀਤੀ ਯਾਦਵ ਵੱਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਸਵਾਲ-ਜਵਾਬ ਵੀ ਕੀਤੇ ਗਏ। ਉਨ੍ਹਾਂ ਵਿਦਿਆਰਥੀਆ ਨੂੰ ਪੁੱਛਿਆ ਕਿ ਤੁਸੀਂ ਵੱਡੇ ਹੋ ਕੇ ਕੀ ਬਣਨਾ ਚਾਹੁੰਦੇ ਹਾਂ, ਵਿਦਿਆਰਥੀਆਂ ਨੇ ਜਵਾਬ ਦਿੰਦਿਆਂ ਦੱਸਿਆ ਕਿ ਅਸੀਂ ਤੁਹਾਡੇ ਵਾਂਗ ਅਫਸਰ ਬਣਨਾ ਚਾਹੁੰਦੇ ਹਾਂ ਅਤੇ ਦੇਸ਼ ਤੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਾਂ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਛੋਟੀ ਉਮਰ ਦੇ ਵਿਦਿਆਰਥੀਆਂ ਨੂੰ ਹਿਸਾਬ, ਅੰਗਰੇਜ਼ੀ ਅਤੇ ਹਿੰਦੀ ਸਬੰਧੀ ਪੁੱਛੇ ਗਏ ਸਵਾਲਾਂ ਦੇ ਪੂਰੇ ਆਤਮ-ਵਿਸ਼ਵਾਸ ਨਾਲ਼ ਜਵਾਬ ਦਿੱਤੇ ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਤਸੱਲੀ ਪ੍ਰਗਟ ਕਰਦੇ ਹੋਏ ਅਧਿਆਪਕਾਂ ਦੀ ਪ੍ਰਸੰਸਾ ਵੀ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ।
ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਆਮ ਆਦਮੀ ਕਲੀਨਕ ਪਿੰਡ ਸੁਰਤਾਪੁਰ ਬੜਾ ਦਾ ਵੀ ਅਚਨਚੇਤ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਵੱਲੋਂ ਕਲੀਨਿਕ ਵਿੱਚ ਦਵਾਈਆਂ ਤੇ ਮੈਡੀਕਲ ਲੈਬਾਰਟਰੀ ਟੈਸਟਾਂ ਦਾ ਸਟਾਕ ਚੈੱਕ ਕੀਤਾ ਅਤੇ ਕਲੀਨਿਕ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਲੀਨਿਕ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ।