ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਹੋਣਗੇ ਆਪ ਦੇ ਉਮੀਦਵਾਰ
ਚੰਡੀਗੜ੍ਹ, 20 ਅਕਤੂਬਰ 2024
ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਬਾਦਲ ਦੇ ਕਰੀਬੀ ਰਹਿ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਬਰਨਾਲਾ ਤੋਂ ਪਾਰਟੀ ਨੇ ਆਪਣੇ ਪੁਰਾਣੇ ਵਰਕਰ ਹਰਿੰਦਰ ਸਿੰਘ ਧਾਲੀਵਾਲ (35 ਸਾਲ) ਦੇ ਨਾਂ ਦਾ ਐਲਾਨ ਕੀਤਾ ਹੈ। ਬਰਨਾਲਾ ਵਿਧਾਨ ਸਭਾ ਸੀਟ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ। ਹਰਿੰਦਰ ਧਾਲੀਵਾਲ ਨੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਬਨੂੜ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ। ਉਹ 2012 ਤੋਂ ਆਮ ਆਦਮੀ ਪਾਰਟੀ ਲਈ ਕੰਮ ਕਰ ਰਹੇ ਹਨ।
‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਬੇਟੇ ਈਸ਼ਾਨ ਚੱਬੇਵਾਲ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਸੀਟ ਵੀ ਡਾ. ਰਾਜਕੁਮਾਰ ਚੱਬੇਵਾਲ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ। ਈਸ਼ਾਨ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਉਨ੍ਹਾਂ ਨੇ ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਤੋਂ ਐਮਬੀਬੀਐਸ ਅਤੇ ਐਮਡੀ ਦੀ ਪੜ੍ਹਾਈ ਕੀਤੀ ਹੈ।
ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਐਲਾਨੀਆ ਹੈ। ਰੰਧਾਵਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਹੋਣ ਤੋਂ ਇਲਾਵਾ ਉਦਯੋਗ ਬੋਰਡ ਦੇ ਸੀਨੀਅਰ ਡਿਪਟੀ ਚੇਅਰਮੈਨ ਵੀ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਪਾਰਟੀ ਦੇ ਉਮੀਦਵਾਰ ਵੀ ਸਨ।