ਸਰਕਾਰੀ ਸਕੂਲ ਅਧਿਆਪਕਾਂ ਨੂੰ ਹੁਣ ਨਹੀਂ ਕਰਨਗੇ ਲੋਕ ਸਵਾਲ

ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ ‘ਚ ਵਿਸ਼ਵਾਸ਼
ਪਟਿਆਲਾ 24 ਅਪ੍ਰੈਲ:
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਕੇ, ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰਾਜ ਦੇ ਵੱਖ-ਵੱਖ ਜਿਲ੍ਹਿਆਂ ‘ਚ ਸਰਕਾਰੀ ਸਕੂਲ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਕੇ, ਆਪਣੇ ਬੱਚੇ ਨਿੱਜੀ ਸਕੂਲਾਂ ‘ਚ ਪੜ੍ਹਾਉਣ ਦੀਆਂ ਤੋਹਮਤਾਂ ਦਾ ਜੁਆਬ ਦੇ ਰਹੇ ਹਨ। ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਦੀ ਜਿੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੋਰਨਾਂ ਮਹਿਕਮਿਆਂ ‘ਚ ਕਾਰਜਸ਼ੀਲ ਮਾਪੇ ਵੀ ਸਰਕਾਰੀ ਸਕੂਲਾਂ ‘ਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਵੱਲ ਤੁਰ ਪਏ ਹਨ।
ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਨਾਲ ਬਹੁਤ ਸਾਰੇ ਜਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ ਤੇ ਨਾਨ-ਟੀਚਿੰਗ ਮੁਲਾਜ਼ਮਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਜਿਸ ਨਾਲ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਪ੍ਰੇਰਨਾ ਮਿਲ ਰਹੀ ਹੈ। ਦੱਸਣਯੋਗ ਹੈ ਕਿ ਫਿਰੋਜਪੁਰ ਦਿਹਾਤੀ ਹਲਕੇ ਤੋਂ ਵਿਧਾਇਕਾ ਸਤਿਕਾਰ ਕੌਰ ਨੇ ਵੀ ਆਪਣੇ ਬੱਚੇ ਨੂੰ ਸਰਕਾਰੀ ਸਕੂਲ ‘ਚ ਦਾਖਲ ਕਰਵਾ ਕੇ ਨਵੀਂ ਪਿਰਤ ਪਾਈ ਹੈ।
ਪਟਿਆਲਾ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਜਮਾਲਪੁਰ ਦੀ ਅਧਿਆਪਕਾ ਮਨਪ੍ਰੀਤ ਕੌਰ ਨੇ ਆਪਣੀ ਬੇਟੀ ਮਨਬੀਰ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੋਡਰਪੁਰ ਵਿਖੇ ਦਸਵੀਂ ਤੇ ਬੇਟੇ ਮਨਰਾਜ ਸਿੰਘ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜਮਾਲਪੁਰ ਵਿਖੇ ਪਹਿਲੀ ਜਮਾਤ ‘ਚ ਦਾਖਲ ਕਰਵਾਇਆ ਹੈ। ਸ੍ਰੀਮਤੀ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਸਰਕਾਰੀ ਸਕੂਲਾਂ ‘ਤੇ ਮਾਣ ਹੈ, ਜਿਸ ਸਦਕਾ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ‘ਚ ਦਾਖਲ ਕਰਵਾਇਆ ਹੈ ਅਤੇ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਸਾਥੀ ਅਧਿਆਪਕ ਤੇ ਹੋਰ ਵਰਗਾਂ ਦੇ ਲੋਕ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਉਤਸ਼ਾਹਿਤ ਹੋ ਰਹੇ ਹਨ। ਇਸੇ ਤਰ੍ਹਾਂ ਸਿੱਖਿਆ ਵਿਭਾਗ ‘ਚ ਕਲੱਰਕ ਵਜੋਂ ਕਾਰਜਸ਼ੀਲ ਮੋਹਨ ਸਿੰਘ ਲੰਗ ਦਾ ਕਹਿਣਾ ਹੈ ਕਿ ਉਸ ਦੀ ਇੱਕ ਬੇਟੀ ਸਰਕਾਰੀ ਸਕੂਲ ‘ਚੋਂ 12 ਜਮਾਤਾਂ ਪਾਸ ਕਰ ਚੁੱਕੀ ਹੈ ਅਤੇ ਦੋ ਹੋਰ ਬੇਟੀਆਂ ਵੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਹਾਈ ਬ੍ਰਾਂਚ ਪੜ੍ਹ ਰਹੀਆਂ ਹਨ। ਉਨ੍ਹਾਂ ਨੇ ਮੁੱਢ ਤੋਂ ਹੀ ਸਰਕਾਰੀ ਸਕੂਲਾਂ ‘ਚ ਵਿਸ਼ਵਾਸ਼ ਰੱਖਿਆ ਹੈ ਤੇ ਉਨ੍ਹਾਂ ਦੀਆਂ ਬੇਟੀਆਂ ਮੋਹਰੀ ਪੁਜ਼ੀਸ਼ਨਾਂ ਲੈ ਕੇ ਪਾਸ ਹੋ ਰਹੀਆਂ ਹਨ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਧਿਕਾਰੀਆਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਨਾਲ ਪਿਛਲੇ ਕਈ ਸਾਲਾਂ ਤੋਂ ਅਧਿਆਪਕਾਂ ਤੋਂ ਉਨ੍ਹਾਂ ਦੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਨਾ ਪੜ੍ਹਾਉਣ ਸਬੰਧੀ ਸਵਾਲ ਪੁੱਛਣੇ ਬੰਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ, ਜਿਸ ਕਾਰਨ ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ‘ਚ ਦਾਖਲ ਕਰਵਾ ਰਹੇ ਹਨ।
ਤਸਵੀਰ:- ਪਟਿਆਲਾ ਜਿਲ੍ਹੇ ਦੀ ਅਧਿਆਪਕਾ ਮਨਪ੍ਰੀਤ ਕੌਰ, ਸਰਕਾਰੀ ਸਕੂਲ ‘ਚ ਦਾਖਲ ਕਰਵਾਏ ਆਪਣੇ ਬੱਚਿਆਂ ਨਾਲ।

Spread the love