ਕੋਵਿਡ ਹੈਲਪ ਲਾਈਨ ਨੰਬਰ 104 ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ-ਸੈਸ਼ਨ ਜੱਜ

ਨਵਾਂਸ਼ਹਿਰ, 30 ਅਪ੍ਰੈਲ :
ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੋਵਿਡ-19 ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨਵਾਂਸ਼ਹਿਰ ਡਾ. ਮਨਦੀਪ ਕਮਲ ਅਤੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਹੈਲਪ ਲਾਈਨ ਨੰਬਰ 104 ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਕੋਵਿਡ ਮਰੀਜ਼ਾਂ ਦੇ ਖਾਣ-ਪੀਣ ਸਬੰਧੀ ਸਮੇਂ-ਸਮੇਂ ’ਤੇ ਹਸਪਤਾਲ ਦਾ ਨਿਰੀਖਣ ਕੀਤਾ ਜਾਵੇ। ਉਨਾਂ ਪਲਾਜ਼ਮਾ ਦਾਨ ਲਈ ਕੋਵਿਡ ਮਰੀਜ਼ਾਂ ਦੀ ਸੂਚੀ ਮੁਹੱਈਆ ਕਰਵਾਉਣ ਤੋਂ ਇਲਾਵਾ ਆਕਸੀਜਨ ਨੋਡਲ ਅਫ਼ਸਰ ਦਾ ਨੰਬਰ ਵੀ ਹਸਪਤਾਲਾਂ ਦੇ ਨੋਟਿਸ ਬੋਰਡ ’ਤੇ ਲਿਖਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ ਦਾ ਇਲਾਜ ਕਰਵਾਉਣ ਲਈ ਕਿਸੇ ਤਰਾਂ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਕੋਵਿਡ ਹੈਲਪ ਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦਾ ਹੈ।
Spread the love