ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਦੇ ਲਈ ਵੱਖ-ਵੱਖ ਹੈਲਪਲਾਈਨ ਨੰਬਰ ਕੀਤੇ ਜਾਰੀ
ਕਰਫਿਊ ਦੀਆਂ ਗਾਈਡ ਲਾਈਨਜ਼ ਦੀ ਉਲੰਘਣਾ ਕਰਨ ਵਾਲਿਆਂ ਦੀ ਮੋਬਾਇਲ ਨੰਬਰ 88722-31039, 92570-37000 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ
ਹਸਪਤਾਲਾਂ ’ਚ ਕੋਵਿਡ ਇਲਾਜ ਸਬੰਧੀ ਉਪਲਬਧ ਬੈਡਾਂ ਦੀ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ 82187-65895 ’ਤੇ ਕੀਤਾ ਜਾ ਸਕਦਾ ਹੈ ਸੰਪਰਕ
ਆਕਸੀਜਨ ਸਿਲੰਡਰ, ਰੇਮਡੇਸਿਵਿਰ ਟੋਸੀਲੀਜੂਮਾਬ ਜਾਂ ਆਰ.ਟੀ-ਪੀ.ਸੀ.ਆਰ ਦੀ ਓਵਰ ਚਾਰਜਿੰਗ, ਕਾਲਾਬਾਜਾਰੀ ਜਾਂ ਜਮ੍ਹਾਂਖੋਰੀ ਕਰਨ ਵਾਲਿਆਂ ਦੀ ਸ਼ਿਕਾਇਤ ਦੇ ਲਈ ਹੈਲਪਲਾਈਨ ਨੰਬਰ 81466-22501 ’ਤੇ ਵਟਸਅੱਪ ਐਪ
ਹੁਸ਼ਿਆਰਪੁਰ, 03 ਮਈ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਵਲੋਂ ਜਿਥੇ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਲੋਕਾਂ ਤੱਕ ਸਹੀ ਇਲਾਜ ਸਮੇਂ ਸਿਰ ਪਹੁੰਚੇ, ਇਸ ਦੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਵਿੱਚ ਲਗਾਤਾਰ ਕੋਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਦੇ ਲਈ ਪ੍ਰਸ਼ਾਸਨ ਨੇ ਕੁਝ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਕਾਫੀ ਲਾਭ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਨਾਲ ਸਬੰਧਤ ਪ੍ਰਸ਼ਾਸਨ ਵਲੋਂ ਜਾਰੀ ਕਰਫਿਊ ਦੀਆਂ ਗਾਈਡ ਲਾਈਨਜ਼ ਦੀ ਉਲੰਘਣਾ ਕਰਨ ਵਾਲੇ ਵਿਅਕਤੀ, ਸਮੂਹ ਜਾਂ ਸੰਸਥਾ ਦੀ ਸੂਚਨਾ ਮੋਬਾਇਲ ਨੰਬਰ 88722- 31039, 92570-37000 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ-19 ਦਾ ਇਲਾਜ ਕਰਵਾਉਣ ਦੇ ਲਈ ਉਪਲਬਧ ਬੈਡਾਂ ਦੀ ਜਾਣਕਾਰੀ ਲੈਣ ਦੇ ਲਈ ਹੈਲਪਲਾਈਨ ਨੰਬਰ 82187-65895 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਤੋਂ ਇਲਾਵਾ ਪੰਜ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵਿੱਚ ਲੈਵਲ ਦੋ ਅਤੇ ਲੈਵਲ ਤਿੰਨ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹਸਪਤਾਲਾਂ ਵਿੱਚ ਬੈਡਾਂ ਦੀ ਖਾਲੀ ਗਿਣਤੀ ਸਬੰਧੀ ਰੋਜ਼ਾਨਾ ਜ਼ਿਲ੍ਹਾ ਲੋਕ ਸੰਪਰਕ ਦਫ਼ਦਰ ਦੇ ਫੇਸਬੁੱਕ ਪੇਜ, ਟਵੀਟਰ ’ਤੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਿਸ ਹਸਪਤਾਲ ਵਿੱਚ ਕਿੰਨੇ ਬੈਡ ਖਾਲੀ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਕੋਵਿਡ ਮਰੀਜ਼ਾਂ ਦੇ ਇਲਾਜ ਦੇ ਲਈ ਲੈਵਲ ਦੋ ਦੇ 173 ਬੈਡ ਅਤੇ ਲੈਵਲ ਤਿੰਨ ਦੇ 25 ਬੈਡ ਮੌਜੂਦ ਸਨ ਅਤੇ ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਕੋਵਿਡ ਇਲਾਜ ਸਬੰਧੀ ਸਾਰੀਆਂ ਸੁਵਿਧਾਵਾਂ ਮੌਜੂਦ ਹਨ।
ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਇਲਾਜ ਸਬੰਧੀ ਦਵਾਈਆਂ ਅਤੇ ਆਕਸੀਜਨ ਦੀ ਜਮ੍ਹਾਂਖੋਰੀ ਅਤੇ ਕਾਲਾਬਾਜਾਰੀ ਨੂੰ ਰੋਕਣ ਦੇ ਲਈ ਜ਼ਿਲ੍ਹਾ ਪੱਧਰ ’ਤੇ ਟੀਮਾਂ ਬਣਾ ਕੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਆਕਸੀਜਨ ਸਿਲੰਡਰ, ਰੇਮਡੇਸਿਵਿਰ ਟੋਸੀਲੀਜੂਮਾਬ ਜਾਂ ਆਰ.ਟੀ-ਪੀ.ਸੀ.ਆਰ ਦੀ ਓਵਰ ਚਾਰਜਿੰਗ, ਜਮ੍ਹਾਂਖੋਰੀ ਜਾਂ ਕਾਲਾਬਾਜਾਰੀ ਨੂੰ ਲੈ ਕੇ ਸ਼ਿਕਾਇਤ ਹੈ ਤਾਂ ਉਹ ਤੁਰੰਤ ਹੈਲਪਲਾਈਨ ਨੰਬਰ 81466-22501 ’ਤੇ ਵਟਸਅੱਪ ਕਰੇ। ਉਨ੍ਹਾਂ ਕਿਹਾ ਕਿ ਆਰੋਪੀਆਂ ਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗਾਈਡ ਲਾਈਨ ਜਾਰੀ ਕਰਕੇ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਐਸੇ ਵਿੱਚ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਹੀ ਪ੍ਰਸ਼ਾਸਨ ਕੋਰੋਨਾ ’ਤੇ ਫਤਿਹ ਪਾ ਸਕਦਾ ਹੈ।