ਕੈਬਨਿਟ ਮੰਤਰੀ ਅਰੋੜਾ ਦੀ ਪਹਿਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਤੀਨਿਧਾਂ ਦੀ ਹੋਈ ਮੀਟਿੰਗ
ਕੋਵਿਡ-19 ਦੇ ਚੱਲਦਿਆਂ ਪਾਬੰਦੀਆਂ ਸਬੰਧੀ ਜ਼ਿਲ੍ਹਾ ਵਪਾਰ ਮੰਡਲ ਨੇ ਪ੍ਰਸ਼ਾਸਨ ਨੂੰ ਨਿਰਧਾਰਤ ਸਮੇਂ ਲਈ ਸਾਰੀਆਂ ਦੁਕਾਨਾਂ ਖੋਲ੍ਹਣ ਦਾ ਰੱਖਿਆ ਪ੍ਰਸਤਾਵ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਲਿਆ ਜਾਵੇਗਾ ਫੈਸਲਾ, ਸਾਰੇ ਵਰਗਾਂ ਦੇ ਦੁਕਾਨਦਾਰਾਂ ਦਾ ਰੱਖਿਆ ਜਾਵੇਗਾ ਧਿਆਨ
ਹੁਸ਼ਿਆਰਪੁਰ, 6 ਮਈ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਲੱਗੇ ਲਾਕਡਾਊਨ ਦੇ ਮੱਦੇਨਜ਼ਰ ਅੱਜ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਵਪਾਰ ਮੰਡਲ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਵਪਾਰ ਮੰਡਲ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਤੀਨਿੱਧਾਂ ਨੇ ਕਰਫਿਊ ਦੌਰਾਨ ਜਿਨ੍ਹਾਂ ਦੁਕਾਨਾਂ ਨੂੰ ਪ੍ਰਸ਼ਾਸਨ ਨੇ ਬੰਦ ਕਰਨ ਲਈ ਕਿਹਾ ਹੈ, ਉਨ੍ਹਾਂ ਦੁਕਾਨਾਂ ਨੂੰ ਵੀ ਕੁਝ ਸਮੇਂ ਲਈ ਖੋਲ੍ਹਣ ਦਾ ਪ੍ਰਸਤਾਵ ਰੱਖਿਆ। ਵਪਾਰੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਨੇ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨੂੰ ਵੱਖ-ਵੱਖ ਦਿਨਾਂ ਅਤੇ ਨਿਰਧਾਰਤ ਸਮੇਂ ਲਈ ਸਾਰੀਆਂ ਦੁਕਾਨਾਂ ਖੋਲ੍ਹਣ ਦਾ ਵਿਸ਼ਵਾਸ਼ ਦਿਵਾਇਆ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਸੁਝਾਅ ਦਿੱਤਾ ਕਿ ਉਹ ਵੱਖ-ਵੱਖ ਦੁਕਾਨਾਂ ਨੂੰ ਤੈਅ ਸਮੇਂ ਲਈ ਖੋਲ੍ਹਣ ਸਬੰਧੀ ਖਾਕਾ ਤਿਆਰ ਕਰ ਲੈਣ ਤਾਂ ਜੋ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਉਨ੍ਹਾਂ ਵਪਾਰ ਮੰਡਲ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਹੈ ਪਰੰਤੂ ਵਪਾਰੀਆਂ ਨੂੰ ਵੀ ਕੋਵਿਡ ਦੇ ਇਸ ਮੁਸ਼ਕਲ ਦੌਰ ਵਿੱਚ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਕੋਵਿਡ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਮਜ਼ਬੂਰੀ ਵਿੱਚ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਕਾਫ਼ੀ ਗੰਭੀਰ ਹੈ ਅਤੇ ਦਿਨ ਰਾਤ ਕੰਮ ਕਰ ਰਿਹਾ ਹੈ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਕੜੀ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਦਾ ਉਦੇਸ਼ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪ੍ਰਸ਼ਾਸਨ ਨੇ ਕੁਝ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਹੈ ਪਰੰਤੂ ਵਪਾਰ ਮੰਡਲ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਜਿਹੜੀਆਂ ਸਮੱਸਿਆਵਾਂ ਲਿਆਂਦੀਆਂ ਗਈਆਂ ਹਨ, ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੀਆਂ ਦੁਕਾਨਾਂ ਵੱਖ-ਵੱਖ ਦਿਨਾਂ ਵਿੱਚ ਨਿਰਧਾਰਤ ਸਮੇਂ ਲਈ ਖੋਲ੍ਹਣ ਲਈ ਕਿਹਾ ਹੈ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਰਫਿਊ ਲੋਕਾਂ ਦੀ ਸੁਰੱਖਿਆ ਲਈ ਲਗਾਇਆ ਗਿਆ ਹੈ ਨਾ ਕਿ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨ ਲਈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਪੂਰਾ ਸਹਿਯੋਗ ਦੇਣ ਲਈ ਤਿਆਰ ਹੈ ਪਰੰਤੂ ਦੁਕਾਨਦਾਰ ਵੀ ਕੋਵਿਡ ਸਬੰਧੀ ਸਿਹਤ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦੇ ਹੋਏ ਆਪਣਾ ਕੰਮ ਕਰਨ ਅਤੇ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਤਾਂ ਹੀ ਕੋਰੋਨਾ ਦੀ ਇਸ ਮਹਾਮਾਰੀ ’ਤੇ ਫਤਿਹ ਪਾਈ ਜਾ ਸਕਦੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਕੋਈ ਵੀ ਪਾਬੰਦੀ ਤੇ ਸਖਤੀ ਲੋਕਾਂ ਦੀ ਸੁਰੱਖਿਆ ਲਈ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਸਾਰੇ ਹੁਸ਼ਿਆਰਪੁਰ ਵਾਸੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਜਾਵੇਗਾ। ਉਨ੍ਹਾਂ ਕੈਬਨਿਟ ਮੰਤਰੀ ਨੂੰ ਵਿਸ਼ਵਾਸ਼ ਦਿਵਾਉਂਦੇ ਹੋਏ ਕਿਹਾ ਕਿ ਇਹ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਸਾਰੇ ਵਰਗ ਦੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਪੂਰਾ ਮੌਕੇ ਮਿਲੇ। ਉਨ੍ਹਾਂ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜੋ ਵੀ ਫੈਸਲਾ ਲੈਂਦਾ ਹੈ, ਉਸ ਵਿੱਚ ਉਹ ਪੂਰਨ ਸਹਿਯੋਗ ਕਰਨ। ਇਸ ਦੌਰਾਨ ਜ਼ਿਲ੍ਹਾ ਵਪਾਰ ਮੰਡਲ ਤੇ ਸਰਾਫਾ ਐਸੋਸੀਏਸ਼ਨ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸ਼ਵਾਸ਼ ਦਿਵਾਇਆ ਕਿ ਵਪਾਰੀ ਵਰਗ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੁਕਾਨ ਖੋਲ੍ਹਣ ਦਾ ਜੋ ਵੀ ਸ਼ਡਿਊਲ ਤੈਅ ਕਰੇਗਾ, ਵਪਾਰੀ ਉਸ ਦਿਨ ਤੇ ਸਮੇਂ ’ਤੇ ਦੁਕਾਨ ਖੋਲ੍ਹੇਗਾ।
ਇਸ ਮੌਕੇ ਏ.ਡੀ.ਸੀ. (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਵਪਾਰ ਮੰਡਲ ਦੇ ਪ੍ਰਤੀਨਿੱਧਾਂ ਵਿੱਚ ਚੰਦਰ ਮੋਹਨ, ਰਾਕੇਸ਼ ਭਾਰਦਵਾਜ, ਯਸ਼ਪਾਲ ਗੁਪਤਾ, ਸੁਸ਼ੀਲ ਪਟਿਆਲ, ਕੁਲਜੀਤ ਗੁਲਾਟੀ, ਰਾਜੀਵ ਮਹਾਜਨ, ਸੰਦੀਪ ਸਿੰਘ ਪਾਹਵਾ, ਅਸ਼ੋਕ ਜੈਨ ਮਹਾਵੀਰ, ਸੁਨੀਸ਼ ਜੈਨ, ਅਮਨਦੀਪ ਸਜਗੀ, ਸਤਿੰਦਰਪਾਲ ਸਿੰਘ, ਅਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਪ੍ਰਤੀਨਿੱਧ ਵੀ ਮੌਜੂਦ ਸਨ।