ਕੋਰੋਨਾ ਵਾਇਰਸ ਨੂੰ ਰੋਕਣ ਲਈ ਫੇਸ ਮਾਸਕ ਹਰ ਸਮੇਂ ਤੇ ਸਹੀ ਢੰਗ ਨਾਲ ਪਾਉਣਾ ਜ਼ਰੂਰੀ  : ਡਾ ਗੀਤਾਂਜਲੀ ਸਿੰਘ

ਰਜਿਸਟਰਡ ਉਸਾਰੀ ਕਾਮਿਆਂ ਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

ਜਾਡਲਾ, 15 ਮਈ 2021 :  ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜ ਹੋਈ ਹੈ ਅਤੇ ਇਸ ਮੁੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਬਲਾਕ ਵਿੱਚ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਮਿੰਨੀ ਪੀ.ਐੱਚ.ਸੀ. ਜਾਡਲਾ ਵਿਖੇ ਬਣਾਏ ਗਏ ਟੀਕਾਕਰਨ ਕੇਂਦਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਿਖੇ ਸਥਾਪਿਤ ਟੀਕਾਕਰਨ ਕੇਂਦਰ ਸਮੇਤ ਬਲਾਕ ਦੇ ਵੱਖ-ਵੱਖ ਟੀਕਾਕਰਨ ਸੈਂਟਰਾਂ ਉੱਤੇ ਚੱਲ ਰਹੇ ਕੋਵਿਡ ਰੋਕੂ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਰਜਿਸਟਰਡ ਉਸਾਰੀ ਕਾਮਿਆਂ ਅਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਵੀ ਕੀਤੀ ਜਿਨ੍ਹਾਂ ਨੂੰ ਹਾਲ ਹੀ ਵਿਚ ਯੋਗ ਲਾਭਪਾਤਰੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।
ਡਾ. ਗੀਤਾਂਜਲੀ ਨੇ ਟੀਕਾਕਰਨ ਮੁਹਿੰਮ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਦੇ ਪੰਜ ਟੀਕਾਕਰਨ ਕੇਂਦਰਾਂ ਵਿਚ ਕੁੱਲ 234 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਜਾਡਲਾ 30, ਮੁਜ਼ੱਫਰਪੁਰ ਵਿਚ 54, ਭਾਰਟਾ ਖੁਰਦ ਵਿਚ 10, ਜੱਬੋਵਾਲ ਵਿਚ 30 ਅਤੇ ਰਾਹੋਂ ਵਿਚ 110 ਯੋਗ ਲਾਭਪਾਤਰੀਆਂ ਨੂੰ ਮੁਫਤ ਟੀਕਾਕਰਨ ਦੀ ਸਰਕਾਰੀ ਸਹੂਲਤ ਦਾ ਲਾਭ ਦਿੱਤਾ ਗਿਆ।
ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਾਡੀਆਂ ਸਮਰਪਿਤ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਦੇ ਘੇਰੇ ਵਿਚ ਲਿਆਂਦਾ ਜਾ ਸਕੇ।
ਡਾ. ਸਿੰਘ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰੇਕ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਅਣਸੁਖਾਵੀਂ ਗੰਭੀਰ ਸਥਿਤੀ ਦੇ ਮੱਦੇਨਜ਼ਰ ਅੱਜ ਗੱਲ ਪਸੰਦ-ਨਾਪਸੰਦ ਦੀ ਨਹੀਂ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣਾ ਮਾਸਕ ਹਰ ਸਮੇਂ ਅਤੇ ਸਹੀ ਤਰ੍ਹਾਂ ਨਾਲ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਧਾ-ਅਧੂਰਾ ਮਾਸਕ ਪਾਉਣਾ ਬਿਮਾਰੀ ਨੂੰ ਸੱਦਾ ਦੇਣ ਬਰਾਬਰ ਹੈ।
Spread the love