ਡਿਪਟੀ ਕਮਿਸ਼ਨਰ ਵੱਲੋਂ ਨਿੱਜੀ ਹਸਪਤਾਲ ‘ਤੇ ਲੱਗੇ ਤੈਅ ਰੇਟਾਂ ਤੋਂ ਵੱਧ ਵਸੂਲੀ ਦੇ ਦੋਸ਼ਾਂ ਦੀ ਪੜਤਾਲ ਦੇ ਹੁਕਮ਼
ਲੁਧਿਆਣਾ, 17 ਮਈ , 2021- ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਰਾਤ ਖੰਨਾ ਸਥਿਤ ਮਲਟੀਸਪੇਸ਼ਲਿਟੀ ਪ੍ਰਾਈਵੇਟ ਹਸਪਤਾਲ ਖ਼ਿਲਾਫ਼ ਇੱਕ ਨਿਵਾਸੀ ਕੋਲੋਂ ਕੋਵਿਡ ਇਲਾਜ ਨੂੰ ਲੈ ਕੇ ਤੈਅ ਰੇਟ ਤੋਂ ਵਾਧੂ ਵਸੂਲੀ ਦੇ ਦੋਸ਼ ਵਿੱਚ ਜਾਂਚ ਦੇ ਆਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਇੱਕ ਕਮੇਟੀ ਡਿਪਟੀ ਡਾਇਰੈਕਟਰ ਡਾ. ਹਤਿੰਦਰ ਕੌਰ ਅਤੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਨਾਲ ਨਿਵਾਸੀ ਅਸ਼ਵਨੀ ਸ਼ਰਮਾ ਵੱਲੋਂ ਲਗਾਏ ਗਏ ਦੋਸ਼ਾਂ ਦੀ ਸ਼ਿਕਾਇਤ ਦੀ ਪੜਤਾਲ ਕਰੇਗੀ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ 48 ਘੰਟਿਆਂ ਵਿਚ ਇਕ ਵਿਸਥਾਰਤ ਰਿਪੋਰਟ ਉਨ੍ਹਾਂ ਨੂੰ ਸੌਂਪਣ।
ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸ਼ਿਕਾਇਤ ਦਰਜ ਕਰਾਉਣ ਲਈ ਸੁਤੰਤਰ ਹਨ ਅਤੇ ਉਨ੍ਹਾਂ ਵੱਲੋਂ ਬਣਾਈ ਗਈ ਇਸ ਕਮੇਟੀ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪ੍ਰਸ਼ਾਸਨ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗਾ ਜਿਨ੍ਹਾਂ ਵੱਲੋਂ ਅਜਿਹੇ ਮਾਮਲਿਆਂ ਵਿੱਚ ਸ਼ਮੂਲੀਅਤ ਪਾਈ ਗਈ।
ਉਨ੍ਹਾਂ ਕਿਹਾ ਕਿ ਪ੍ਰੇਸ਼ਾਨੀ ਦੀ ਇਸ ਘੜੀ ਵਿੱਚ, ਕੋਵਿਡ-19 ਦਾ ਮੁਕਾਬਲਾ ਕਰਨਾ ਸਾਡਾ ਸਮੂਹਿਕ ਫਰਜ਼ ਬਣਦਾ ਹੈ ਅਤੇ ਕੋਵਿਡ ਦੇ ਇਲਾਜ ਦੇ ਦੋਸ਼ਾਂ ਸੰਬੰਧੀ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਨੂੰ ਵੀ ਮਰੀਜ਼ਾਂ ਨਾਲ ਧੱਕਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।