ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ `ਤੇ ਕਿਸੇ ਵੀ ਡਿਫਾਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ
ਕੋਈ ਵੀ 104 ਹੈਲਪਲਾਈਨ ਅਤੇ ਡੀਸੀ ਦਫਤਰ ਵਿਖੇ ਦਰਜ ਕਰਵਾ ਸਕਦਾ ਹੈ ਸ਼ਿਕਾਇਤ
ਤਰਨ ਤਾਰਨ, 21 ਮਈ :
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿੰਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ ਲੈ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜ਼ਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟਰ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।
ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਿਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣ-ਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸ਼ੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਦਰਜ ਕਰਵਾਈ ਜਾ ਸਕਦੀ ਹੈ।