ਚੀਮਾ/ਸੰਗਰੂਰ 17 ਮਈ , 2021
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਣਕਵਾਲ ਚੀਮਾ ਵਿਖੇ ਆਨ ਲਾਈਨ ਲੇਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪਿ੍ਰੰਸੀਪਲ ਸ੍ਰੀਮਤੀ ਨੀਲਮ ਗੁਪਤਾ ਨੇ ਦਿੱਤੀ।
ਸ੍ਹੀਮਤੀ ਨੀਲਮ ਗੁਪਤਾ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਮਾਨਵਤਾ ਨੂੰ ਸਮਰਪਿਤ ਰਿਹਾ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ। ਲੇਖ ਮੁਕਾਬਲਿਆਂ ਦੀ ਮਹੱਤਤਾ ਦੱਸਦਿਆਂ ਉਨ੍ਹਾ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਉਨ੍ਹਾ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਇਸ ਲੇਖ ਮੁਕਾਬਲੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਬਹੁਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਸਰਨਦੀਪ ਕੌਰ ਜਮਾਤ ਬਾਰ੍ਹਵੀਂ ਨੇ ਪਹਿਲਾ, ਸ਼ਿੰਦੀ ਕੌਰ ਜਮਾਤ ਦਸਵੀਂ ਨੇ ਦੂਜਾ ਅਤੇ ਅਮਨਜੋਤ ਕੌਰ ਜਮਾਤ ਦਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।