ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ

ਕੋਵਿਡ ਮੁਕਤ ਪਿੰਡ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਂਮਾਰੀ ਤੋਂ ਬਚਾਅ ਲਈ ਵੱਡੇ ਪੱਧਰ ‘ਤੇ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ
ਤਰਨ ਤਾਰਨ, 22 ਮਈ, 2021 :
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਲੱਛਣ, ਜਿਵੇਂ ਕਿ ਖਾਂਸੀ, ਬੁਖਾਰ, ਜ਼ੁਕਾਮ, ਗਲਾ ਦਰਦ ਆਦਿ ਸਾਹਮਣੇ ਆਉਣ ‘ਤੇ ਆਪਣੇ ਪੱਧਰ ‘ਤੇ ਇਲਾਜ ਤੋਂ ਪਰਹੇਜ਼ ਕਰਦੇ ਹੋਏ ਤੁਰੰਤ ਸਿਹਤ ਮਾਹਿਰਾਂ ਨਾਲ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਇਲਾਜ ਹੋ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਡੀ. ਐੱਮ. ਸੀ. ਡਾ, ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ, ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮੂਹ ਐੱਸ. ਐੱਮ. ਓਜ਼ ਵੀ ਹਾਜ਼ਰ ਸਨ।
ਉਹਨਾਂ ਕਿਹਾ ਕਿ ਸਾਡੇ ਪਰਿਵਾਰਾਂ ਵਿੱਚ ਕਈ ਮੌਤਾਂ ਇਸ ਕਰਕੇ ਹੋਈਆਂ ਹਨ, ਕਿ ਉਹਨਾਂ ਨੇ ਸਮਾਂ ਰਹਿੰਦਿਆਂ ਸਿਹਤ ਮਾਹਿਰਾਂ ਨਾਲ ਸੰਪਰਕ ਨਹੀਂ ਕੀਤਾ।ਉਹਨਾਂ ਕਿਹਾ ਕਿ ਇਸ ਵਿੱਚ ਦੇਰ ਕਰਨ ਨਾਲ ਮਰੀਜ਼ ਨੂੰ ਐੱਲ-3 ਸਿਹਤ ਸੁਵਿਧਾਵਾਂ ਵਿੱਚ ਰੱਖਣਾ ਪੈਂਦਾ ਹੈ, ਜਿੱਥੇ ਮੌਤ ਦੀ ਦਰ ਜ਼ਿਆਦਾ ਹੈ।ਉਹਨਾਂ ਕਿਹਾ ਕਿ ਕੋਈ ਵੀ ਲੱਛਣ ਸਾਹਮਣੇ ਆਉਣ ‘ਤੇ ਸਾਨੂੰ ਆਪਣਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ ਅਤੇ ਪਾਜ਼ੇਟਿਵ ਆਉਣ ਦੀ ਸੂਰਤ ਵਿੱਚ ਸਿਹਤ ਮਾਹਿਰਾਂ ਦੀ ਸਲਾਹ ਨਾਲ ਹੀ ਇਲਾਜ ਕਰਵਾਉਣ ਨੰੁ ਤਰਜੀਹ ਦੇਣੀ ਚਾਹੀਦੀ ਹੈ।ਇਸ ਦੇ ਨਾਲ ਹੀ ਸਾਨੂੰ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਵਿਡ-19 ਮਹਾਂਮਾਰੀ ਨੂੰ ਲੈ ਕੇ ਜਾਰੀ ਨਿਰਦੇਸ਼ਾਂ ਅਤੇ ਸਾਵਧਾਨੀਆਂ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਸਾਡਾ ਆਪਣੀ ਰੋਜ਼ੀ ਰੋਟੀ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਰਹਿਣਾ ਵੀ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਮਹਾਂਮਾਰੀ ਦੇ ਚੱਲਦੇ ਜ਼ਰੂਰੀ ਪਾਬੰਦੀਆਂ ਕਾਰਨ ਰੋਜ਼ਾਨਾ ਰੋਜ਼ੀ ਕਮਾਉਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਵਿਡ ਪਾਜ਼ੇਟਿਵ ਆਉਣ ‘ਤੇ ਇਕਾਂਤਵਾਸ ਵਿੱਚ ਰਹਿਣਾ ਪੈਂਦਾ ਹੈ ਅਤੇ ਉਹ ਆਪਣੇ ਕੰਮ ‘ਤੇ ਨਹੀਂ ਜਾ ਸਕਦਾ ਤਾਂ ਉਸ ਨੂੰ ਇਲਾਜ ਲਈ ਫ਼ਤਿਹ ਕਿੱਟ ਦੇ ਨਾਲ-ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਹਾਂਮਾਰੀ ਹੁਣ ਪਿੰਡਾਂ ਵਿੱਚ ਵੀ ਪੈਰ ਪਸਾਰ ਰਹੀ ਹੈ, ਇਸ ਲਈ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ ਮੁਕਤ ਪਿੰਡ ਅਭਿਆਨ ਤਹਿਤ ਇਸ ਮਹਾਂਮਾਰੀ ਤੋਂ ਬਚਾਅ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਟੈਸਟ ਕਰਵਾਉਣ ਤੇ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਕਰੋਨਾ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਦੇ ਕੋਵਿਡ ਟੈਸਟ ਕੀਤੇ ਜਾ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਘੇ ਸਮਾਜ ਸੇਵਕ ਸ੍ਰੀ ਵਿਨੋਦ ਕੁਮਾਰ ਸ਼ਰਮਾ ਦੇ ਅਕਾਲ ਚਲਾਣੇ `ਤੇ ਉਹਨਾਂ ਸ਼ਰਧਾਜ਼ਲੀ ਭੇਂਟ ਕੀਤੀ ਗਈ

Spread the love