ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਖੇਤੀ ਲਾਗਤ ਖਰਚੇ ਘਟਦੇ ਹਨ ਅਤੇ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ: ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਮੀਰਥਲ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਸਿੱਧੀ ਬਿਜਾਈ ਕਰਵਾਈ ਗਈ।
ਪਠਾਨਕੋਟ: 8 ਜੂਨ 2021 ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ,ਡਾ. ਸੁਖਦੇਵ ਸਿੰਘ ਸਿੱਧੁ ਦੇ ਨਿਰਦੇਸ਼ਾਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤਜ਼ਿਲਾ ਪਠਾਨਕੋਟ ਦੇ ਪਿੰਡ ਮੀਰਥਲ ਦੇ ਕਿਸਾਨ ਰਜਿੰਦਰ ਕੁਮਾਰ ਸ਼ਰਮਾ ਦੇ ਖੇਤਾਂ ਵਿੱਚ ਖੇਤੀਬਾੜੀ ਤਕਨਾਲੌਜੀ ਪ੍ਰਬੰਧਨ ਸੰਸ਼ਥਾ(ਆਤਮਾ ) ਤਹਿਤ ਲੱਕੀ ਸੀਡਰ ਦੀ ਵਰਤੋਂ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਕਰਵਾ ਕੇ ਤਕਨੀਕੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ.ਵਿਕਰਾਂਤ ਧਵਣ,ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ ਡੀ ( ਆਤਮਾ), ਸ਼੍ਰੀ ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ,ਅਰਮਾਨ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ ,ਸ਼੍ਰੀ ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ,ਸਤਿੰਦਰ ਸਿੰਘ,ਸ਼ਿਵ ਦਾਸ ਸਮੇਤ ਕਈ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਬਹੁਤ ਉਤਸ਼ਾਹ ਦਿਖਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਖੇਤੀ ਲਾਗਤ ਖਰਚੇ ਘੱਟਦੇ ਹਨ ਅਤੇ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ,ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜਾ ਨਾਂ ਹੋਣ ਕਾਰਨ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ ਅਤੇ ਪੈਦਾਵਾਰ ਕਾਫੀ ਘਟ ਜਾਂਦੀ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਅਤੇ ਪਹਿਲਾ ਪਾਣੀ ਬਿਜਾਈ ਤੋਂ 20-21 ਬਾਅਦ ਲਗਾਇਆ ਜਾਵੇ ।
ਡਾ. ਵਿਕਰਾਂਤ ਧਵਨ ਨੇ ਕਿਹਾ ਕਿ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਕਿਸਮ ਦੇ ਆਧਾਰ ਤੇ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਛਿੜਕਾਅ ਬਿਜਾਈ ਤੋਂ 15-25 ਦਿਨਾਂ ਬਾਅਦ ਕਰ ਦੇਣਾ ਚਾਹੀਦਾ। ਸ੍ਰੀ ਸੁਦੇਸ਼ ਕੁਮਾਰ ਨੇ ਕਿਹਾ ਕਿ ਸਰਕਲ ਨੰਗਲ ਭੂਰ ਦੇ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਜੋ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਉਨ੍ਹਾਂ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆਂ ਨਾਂ ਆਵੇ।
ਅਗਾਂਹਵਧੂ ਕਿਸਾਨ ਰਜਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉਤਸ਼ਾਹਿਤ ਕਰਨ ਸਦਕਾ ਪਿਛਲੇ ਸਾਲ 2 ੲੁੇਕੜ ਵਿੱਚ ਸਿੱਧੀ ਬਿਜਾਈ ਕਰਵਾਈ ਸੀ ਜਿਸ ਦੇ ਬਹੁਤ ਹੀ ਵਧੀਆ ਨਤੀਜੇ ਆਏ ਸਨ ਜਿਸ ਨੂੰ ਵੇਖਦਿਆਂ ਇਸ ਵਾਰ 5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ।

Spread the love