ਜ਼ਿਲੇ ਦੇ ਪਿੰਡ ਅਟਾਰੀ ਨੇ ਕਰਵਾਇਆ 100 ਫੀਸਦੀ ਟੀਕਾਕਰਨ

ਨਵਾਂਸ਼ਹਿਰ, 21 ਜੂਨ 2021
ਜ਼ਿਲੇ ਵਿਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਜ਼ਿਲੇ ਦੇ ਪਿੰਡ ਅਟਾਰੀ ਨੇ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ ਪਿੰਡਾਂ ਵੱਲੋਂ ਇਸ ਮੁਹਿੰਮ ਵਿਚ ਸਹਿਯੋਗ ਦਿੰਦੇ ਹੋਏ ਟੀਕਾਕਰਨ ਕਰਵਾਇਆ ਜਾ ਰਿਹਾ ਹੈ। ਉਨਾਂ ਅਟਾਰੀ ਵਾਸੀਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਪਿੰਡਾਂ ਨੂੰ ਵੀ ਆਉਣ ਵਾਲੇ ਦਿਨਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣ ਦਾ ਸੱਦਾ ਦਿੱਤਾ। ਉਨਾਂ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਸਿਹਤ ਵਿਭਾਗ ਦੇ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਇਸ ਮਹਾਂਮਾਰੀ ਨੂੰ ਹਰਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਹਰੇਕ ਪਿੰਡ ਵਿਚ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਪੂਰੀ ਤਨਦੇਹੀ ਨਾਲ ਆਪਣਾ ਕੰਮ ਅੰਜਾਮ ਦੇ ਰਹੀਆਂ ਹਨ। ਉਨਾਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਜਲਦ ਹੀ ਜ਼ਿਲੇ ਨੂੰ ਕੋਰੋਨਾ ਮੁਕਤ ਕੀਤਾ ਜਾਵੇਗਾ।
ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।

Spread the love