ਡੀ.ਸੀ. ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼, ਵਾਤਾਵਰਣ ਸੁਰੱਖਿਆ ਐਕਸ਼ਨ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਵੇ ਲਾਗੂ

ਜ਼ਿਲ੍ਹਾ ਵਾਤਾਵਰਣ ਕਮੇਟੀ ਵੱਲੋਂ ਬੱਚਤ ਭਵਨ ਵਿਖੇ ਮੀਟਿੰਗ ਆਯੋਜਿਤ
ਲੁਧਿਆਣਾ, 13 ਜੁਲਾਈ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨੂੰ ਹਰਾ-ਭਰਾ ਤੇ ਸਵੱਛ ਬਣਾਉਣ ਲਈ ਕਾਰਜ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।
ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਾਤਾਵਰਣ ਦੀ ਰੱਖਿਆ ਲਈ ਵੱਖ-ਵੱਖ ਕਾਰਜ਼ਾਂ ਦੀ ਨਿਗਰਾਨੀ ਲਈ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਸਥਾਨਕ ਸਰਕਾਰਾਂ, ਨਗਰ ਨਿਗਮ, ਟਰਾਂਸਪੋਰਟ, ਉਦਯੋਗ, ਪੇਂਡੂ ਵਿਕਾਸ ਅਤੇ ਪੰਚਾਇਤ, ਮਿੱਟੀ ਸੰਭਾਲ, ਖੇਤੀਬਾੜੀ, ਪੁਲਿਸ ਅਤੇ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸਮੇਤ ਵਿਭਾਗਾਂ ਨੂੰ ਕਿਹਾ ਹੈ ਕਿ ਉਹ ਕਾਰਜ਼ਸੀਲ ਯੋਜਨਾਵਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਨੂੰ ਯਕੀਨੀ ਬਣਾਉਣ ਅਤੇ ਪ੍ਰਗਤੀ ਰਿਪੋਰਟਾਂ ਨਿਯਮਿਤ ਤੌਰ ‘ਤੇ ਉਨ੍ਹਾ ਦੇ ਦਫ਼ਤਰ ਭੇਜੀਆਂ ਜਾਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਕਾਰਜ ਯੋਜਨਾ ‘ਤੇ ਜੋਸ਼ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਨਿਰਧਾਰਤ ਤੌਰ ‘ਤੇ ਲੁਧਿਆਣਾ ਨੂੰ ਇੱਕ ਸਾਫ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੇਠਲੇ ਪੱਧਰ ‘ਤੇ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਕਰਦਿਆਂ ਇਨ੍ਹਾਂ ਕਾਰਜ ਯੋਜਨਾਵਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਇਕ ਦੂਜੇ ਨਾਲ ਤਾਲ-ਮੇਲ ਕਰਕੇ ਕੰਮ ਕਰਨਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਨਾਜਾਇਜ਼ ਕਾਲੋਨੀਆਂ ਦਾ ਵਿਸਥਾਰਤ ਸਰਵੇ ਕਰਨ ਅਤੇ 31 ਜੁਲਾਈ ਤੱਕ ਰਿਪੋਰਟ ਸੌਂਪਣ ਲਈ ਵੀ ਕਿਹਾ।
ਉਨ੍ਹਾਂ ਦੱਸਿਆ ਕਿ ਸੀਵਰੇਜ਼ ਦੇ ਪਾਣੀ ਨੂੰ ਸੁੱਧ ਕਰਨ ਤੋਂ ਬਾਅਦ ਸਿੰਜਾਈ ਲਈ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ਿਲੇ ਦੇ ਵੱਖ ਵੱਖ ਇਲਾਕਿਆਂ ਵਿੱਚ ਕਈ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼) ਅਤੇ ਪ੍ਰਭਾਵਸ਼ਾਲੀ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.) ਦਾ ਕੰਮ ਚੱਲ ਰਿਹਾ ਹੈ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਮੁੰਕਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਖੇਤਰਾਂ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਇਹ ਜ਼ਿਲ੍ਹੇ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਉਣ ਵਿਚ ਵੀ ਸਹਾਇਤਾ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਵੱਛ ਅਤੇ ਹਰੇ-ਭਰੇ ਵਾਤਾਵਰਣ ਨੂੰ ਤਰਜ਼ੀਹ ਦੇਣ ਤਾਂ ਜੋ ਪ੍ਰਸ਼ਾਸਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਮਾਹੌਲ ਦੇ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਸਿੰਘ ਬੇਦੀ, ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਹੋਰ ਸ਼ਾਮਲ ਸਨ।

 

Spread the love