ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ : ਜੁਡੀਸ਼ੀਅਲ ਮੈਜਿਸਟਰੇਟ
ਸਮਾਣਾ, 15 ਜੁਲਾਈ 2021
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਇਨ੍ਹਾਂ ਸ਼ਬਦਾਂ ਪ੍ਰਗਟਾਵਾਂ ਸਿਵਲ ਜੱਜ ਕਮ ਚੇਅਰਮੈਨ ਸਬ ਡਵੀਜ਼ਨ ਕਾਨੂੰਨੀ ਸੇਵਾਵਾਂ ਅਥਾਰਟੀ ਸਮਾਣਾ ਸ. ਸਿਮਰਨ ਸਿੰਘ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਐਸ.ਡੀ.ਐਮ. ਸਮਾਣਾ ਨਮਨ ਮੜਕਨ ਤੇ ਡੀ.ਐਸ.ਪੀ. ਜਸਵੰਤ ਸਿੰਘ ਮਾਂਗਟ ਵੀ ਮੌਜੂਦ ਸਨ।
ਚੇਅਰਮੈਨ ਸਬ ਡਵੀਜ਼ਨ ਕਾਨੂੰਨੀ ਸੇਵਾਵਾਂ ਅਥਾਰਟੀ ਸ. ਸਿਮਰਨ ਸਿੰਘ ਨੇ ਕਿਹਾ ਹੈ ਕਿ 11 ਸਤੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਵੀ ਰਾਜ਼ੀਨਾਮਾ ਯੋਗ ਅਤੇ ਗ਼ੈਰ ਅਪਰਾਧਕ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਸਮਾਣਾ ਵਾਸੀਆਂ ਨੂੰ ਕੌਮੀ ਲੋਕ ਅਦਾਲਤ ‘ਚ ਆਪਣੇ ਦਿਵਾਨੀ, ਮਾਲੀ ਤੇ ਗ਼ੈਰ ਅਪਰਾਧਕ ਅਤੇ ਰਾਜੀਨਾਮੇ ਯੋਗ ਮਾਮਲੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਦਾ ਸੱਦਾ ਦਿੱਤਾ।
ਇਸ ਦੇ ਨਾਲ ਹੀ ਸਿਵਲ ਜੱਜ ਸਿਮਰਨ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਜਾਂਚ ‘ਚ ਬੁਲਾਉਣ ਤੋਂ ਪਹਿਲਾਂ ਉਸਨੂੰ ਜੁਰਮ ਅਤੇ ਕਾਰਨ ਦੱਸਿਆ ਜਾਣਾ ਜਰੂਰੀ ਹੈ ਅਤੇ ਨਾਲ ਹੀ ਉਸਨੂੰ ਕਾਨੂੰਨੀ ਅਧਿਕਾਰਾਂ ਮੁਤਾਬਕ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਉਸ ਦੇ ਵੱਲੋਂ ਖ਼ੁਦ ਕਾਨੂੰਨੀ ਸਹਾਇਤਾ ਲਏ ਜਾਣ ਦੇ ਵੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਅਥਾਰਿਟੀ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਲੋੜਵੰਦ ਤੱਕ ਪੁੱਜ ਸਕਣ।
ਫੋਟੋ ਕੈਪਸ਼ਨ- ਸਿਵਲ ਜੱਜ ਸਮਾਣਾ ਸ. ਸਿਮਰਨ ਸਿੰਘ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।