ਵਿਧਾਇਕ ਲਾਡੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਸਬੰਧੀ ਚਰਚਾ ਕੀਤੀ

ਬਟਾਲਾ, 22 ਜੁਲਾਈ 2021 ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਲਕੇ ਦੇ ਵਿਕਾਸ ਸਬੰਧੀ ਚਰਚਾ ਕੀਤੀ ਹੈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਉਣ ਦਦੇ ਨਾਲ ਹਲਕੇ ਦੇ ਵਿਕਾਸ ਲਈ ਹੋਰ ਗ੍ਰਾਂਟ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਹਿਯੋਗ ਸਦਕਾ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਹਲਕੇ ਵਿੱਚ ਬਹੁਤ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿਖੇ ਅੱਜ ਤੱਕ ਬੱਸ ਅੱਡੇ ਦੀ ਸਹੂਲਤ ਨਹੀਂ ਸੀ ਜੋ ਇਸ ਵਾਰ ਕੈਪਟਨ ਸਰਕਾਰ ਵੱਲੋਂ ਬਣਾਇਆ ਜਾ ਰਿਹਾ ਹੈ।
ਵਿਧਾਇਕ ਲਾਡੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਾਮਦੇਵ ਨਗਰ ਘੁਮਾਣ ਦੇ ਵਿਕਾਸ ਸਬੰਧੀ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੇ ਘੁਮਾਣ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਸੜਕ ਨੂੰ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੱਡੀ ਚੀਮਾ ਵਿਖੇ ਆਈ.ਟੀ.ਆਈ. ਦਾ ਨਿਰਮਾਣ ਜਾਰੀ ਹੈ ਅਤੇ ਇਹ ਉਦਯੋਗਿਕ ਸਿਖਲਾਈ ਸੰਸਥਾ ਇਲਾਕੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਹਰਪੁਰਾ ਧੰਦੋਈ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਵੀ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।
ਵਿਧਾਇਕ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਵਿੱਚ ਗ੍ਰਾਂਟ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਵਿਕਾਸ ਕਾਰਜ ਜਾਰੀ ਹਨ ਉਨ੍ਹਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

Spread the love