ਦਸਵੀਂ ਤੋਂ ਬਾਰਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਜਮਾਤਾਂ।
ਪਹਿਲੇ ਦਿਨ 6ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਵੀ ਹੋਈ।
ਪਠਾਨਕੋਟ, 26 ਜੁਲਾਈ 2021 ਸੂਬੇ ਦੇ ਸਕੂਲਾਂ ‘ਚ ਲੰਬੇ ਅਰਸੇ ਉਪਰੰਤ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ।ਸਰਕਾਰ ਵੱਲੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ਜਾਣ ਨਾਲ ਇਹਨਾਂ ਜਮਾਤਾਂ ਦੀ ਕਲਾਸ ਰੂਮ ਪੜ੍ਹਾਈ ਸ਼ੁਰੂ ਹੋ ਗਈ ਹੈ। ਵਰਨਣਯੋਗ ਹੈ ਕਿ ਵਿਦਿਆਰਥੀਆਂ ਲਈ ਮਾਰਚ ਮਹੀਨੇ ਤੋਂ ਸਕੂਲਾਂ ਦੀ ਹੋਈ ਤਾਲਾਬੰਦੀ ਦੇ ਚੱਲਦਿਆਂ ਅਧਿਆਪਕਾਂ ਵੱਲੋਂ ਨਵੇਂ ਸੈਸ਼ਨ ਦੀ ਪੜ੍ਹਾਈ ਆਨਲਾਈਨ ਤਰੀਕੇ ਹੀ ਕਰਵਾਈ ਜਾ ਰਹੀ ਸੀ। ਪਰ ਹੁਣ ਪਹਿਲੇ ਗੇੜ੍ਹ ਦੌਰਾਨ ਦਸਵੀਂ ਤੋਂ ਬਾਰਵੀਂ ਜਮਾਤਾਂ ਦੀ ਆਫਲਾਈਨ ਪੜ੍ਹਾਈ ਦਾ ਆਲਮ ਸ਼ੁਰੂ ਹੋ ਗਿਆ।
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੋਰੋਨਾ ਬਚਾਅ ਗਾਈਡਲਾਈਨਜ਼ ਦੀ ਪਾਲਣਾ ਨਾਲ ਜਿਲ੍ਹੇ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੀ ਕਲਾਸ ਰੂਮ ਪੜ੍ਹਾਈ ਬਕਾਇਦਾ ਰੂਪ ਵਿੱਚ ਸ਼ੁਰੂ ਹੋ ਗਈ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਲੰਬੇ ਅਰਸੇ ਦੀ ਤਾਲਾਬੰਦੀ ਉਪਰੰਤ ਅੱਜ ਵਿਦਿਆਰਥੀ ਚਾਅ ਅਤੇ ਉਤਸ਼ਾਹ ਨਾਲ ਸਕੂਲਾਂ ਵਿੱਚ ਪਹੁੰਚੇ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਪਹੁੰਚਣ ਵਾਲੇ ਵਿਦਿਆਰਥੀਆਂ ਅਤੇ ਮਾਪੇ ਅਧਿਆਪਕ ਮਿਲਣੀ ਲਈ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ,ਸਕੂਲ ਮੈਨੇਜਮੈਂਟ ਕਮੇਟੀ ਮੈਬਰਾਂਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਜੀ ਆਇਆਂ ਕਿਹਾ ਗਿਆ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਸਕੂਲਾਂ ਦੇ ਦੌਰੇ ਦੌਰਾਨ ਸਕੂਲ ਖੁੱਲਣ ਦੀ ਖੁਸ਼ੀ ਸਕੂਲ ਮੁਖੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਚਿਹਰਿਆਂ ‘ਤੇ ਸਾਫ਼ ਵਿਖਾਈ ਦੇ ਰਹੀ ਸੀ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਹੀ ਸਕੂਲਾਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਬਾਰੇ ਹਦਾਇਤਾਂ ਦੇ ਪਾਲਣ ਲਈ ਪ੍ਰੇਰਿਤ ਕੀਤਾ ਗਿਆ।
ਤਕਰੀਬਨ ਪੰਜ ਮਹੀਨਿਆਂ ਬਾਅਦ ਸਕਲ ਪਹੂੰਚੇ ਵਿਦਿਆਰਥੀਆਂ ਨੇ ਸਕੂਲ ਖੁੱਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਉਹਨਾਂ ਨੂੰ ਜਮਾਤ ਕਮਰੇ ‘ਚ ਬੈਠ ਕੇ ਪੜ੍ਹਾਈ ਕਰਨ ਦਾ ਅਵਸਰ ਮਿਲੇਗਾ ਅਤੇ ਆਫਲਾਈਨ ਤਰੀਕੇ ਉਹਨਾਂ ਦੀ ਪੜ੍ਹਾਈ ਆਨਲਾਈਨ ਤਰੀਕੇ ਨਾਲੋਂ ਬਿਹਤਰ ਹੋਣ ‘ਤੇ ਉਹਨਾਂ ਨੂੰ ਪੜ੍ਹਾਈ ਪੱਖੋਂ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਵੇਗਾ। ਸਕੂਲਾਂ ‘ਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵੀ ਸਰਕਾਰ ਦੇ ਸਕੂਲ ਖੋਲਣ ਦੇ ਫੈਸਲੇ ਨੂੰ ਵਿਦਿਆਰਥੀ ਪੱਖੀਂ ਦੱਸਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਦੌਰਾਨ ਸਕੂਲ ਖੁੱਲਣ ਦੇ ਅੱਜ ਪਹਿਲੇ ਹੀ ਦਿਨ ਛੇਵੀਂ ਤੋਂ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਵੀ ਕੀਤੀ ਗਈ। ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਵੱਲੋਂ ਜੁਲਾਈ ਮਹੀਨੇ ਦੇ ਆਨਲਾਈਨ ਟੈਸਟ ਦੌਰਾਨ ਕੀਤੀਆਂ ਪ੍ਰਾਪਤੀਆਂ ਅਤੇ ਕਮੀਆਂ ਤੋਂ ਜਾਣੂ ਕਰਵਾਇਆ ਗਿਆ। ਅਧਿਆਪਕਾਂ ਵੱਲੋਂ ਮਾਪਿਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਫੋਟੋ ਕੈਪਸ਼ਨ: ਸਰਕਾਰੀ ਸਕੂਲ ਦੇ ਵਿਦਿਆਰਥੀ ਸਕੂਲ ਖੁੱਲਣ ਦੇ ਪਹਿਲੇ ਦਿਨ ਪੜ੍ਹਾਈ ਕਰਦੇ ਹੋਏ।