ਐਸ.ਏ.ਐਸ. ਨਗਰ ਵਿੱਚ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਲਈ ਰਜਿਸਟਰੇਸ਼ਨ ਸੇਵਾ ਕੇਂਦਰਾਂ `ਚ ਸ਼ੁਰੂ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਐਸ.ਏ.ਐਸ. ਨਗਰ, 3 ਅਗਸਤ 2021
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ ਦੀ ਲਾਗ ਤੋਂ ਪੀੜਤ ਰਹੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਸੇਵਾ ਕੇਂਦਰਾਂ ਰਾਹੀਂ ਇਸ ਸਕੀਮ ਲਈ ਰਜਿਸਟਰੇਸ਼ਨ ਤੇ ਆਨਲਾਈਨ ਫਾਰਮ ਜਮ੍ਹਾਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਸਕੀਮ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੋਵਿਡ ਪਾਜ਼ੇਟਿਵ ਆਉਣ ਵਾਲੇ ਜਾਂ ਉਨ੍ਹਾਂ ਦੇ ਕੋਵਿਡ ਪਾਜ਼ੇਟਿਵ ਪਰਿਵਾਰਕ ਮੈਂਬਰ, ਜਿਸ ਨੂੰ ਇਕਾਂਤਵਾਸ ਵਿੱਚ ਰਹਿਣਾ ਪਿਆ, ਉਹ ਇਸ ਸਕੀਮ ਲਈ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਸੇਵਾ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਿਖੇ ਉਪਲਬਧ ਹੋਵੇਗੀ ਅਤੇ ਇਸ ਲਈ ਕੇਵਲ 10 ਰੁਪਏ ਦੀ ਸੇਵਾ ਫੀਸ ਰੱਖੀ ਗਈ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਕੋਵਿਡ ਪਾਜ਼ੇਟਿਵ ਆਉਣ ਮਗਰੋਂ ਇਕਾਂਤਵਾਸ ਰਹੇ ਉਸਾਰੀ ਕਿਰਤੀ ਕਾਮੇ ਨੂੰ ਇਸ ਵਿੱਤੀ ਸਹਾਇਤਾ ਲਈ ਯੋਗ ਮੰਨਿਆ ਗਿਆ ਹੈ। ਇਸ ਲਈ ਕਿਰਤ ਵਿਭਾਗ ਕੋਲ ਸੂਚੀਬੱਧ ਕਾਮੇ ਨੂੰ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਜਾਣਾ ਪਵੇਗਾ, ਜਿੱਥੇ ਉਸ ਨੂੰ ਲੋੜੀਂਦੇ ਦਸਤਾਵੇਜ਼ਾਂ ਨਾਲ ਆਪਣੀ ਅਰਜ਼ੀ ਆਨਲਾਈਨ ਜਮ੍ਹਾਂ ਕਰਵਾਉਣੀ ਹੋਵੇਗੀ। ਇਸ ਲਈ ਕੋਈ ਵੀ ਅਰਜ਼ੀ ਦਸਤੀ ਸਵੀਕਾਰ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਖੇ ਇਹ ਸੇਵਾ ਉਪਲਬਧ ਹੋਵੇਗੀ।

Spread the love