ਨਵਾਂਸ਼ਹਿਰ, 11 ਅਗਸਤ 2021 ਜ਼ਿਲ੍ਹੇ ਵਿਚ ਕੋਰੋਨਾ ਮੁਕਤ ਪਿੰਡ ਮੁਹਿੰਮ ਨੂੰ ਅੱਜ ਉਸ ਸਮੇਂ ਭਾਰੀ ਹੁਲਾਰਾ ਮਿਲਦਾ ਨਜ਼ਰ ਆਇਆ, ਜਦੋਂ ਸਿਹਤ ਬਲਾਕ ਸੜੋਆ ਅਧੀਨ ਪੈਂਦੇ ਪਿੰਡ ਭੋਲੇਵਾਲ ਨੇ 100 ਫੀਸਦੀ ਕੋਵਿਡ ਰੋਕੂ ਟੀਕਾਕਰਨ ਦਾ ਟੀਚਾ ਪੂਰਾ ਕਰ ਲਿਆ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਪਿੰਡ ਭੋਲੇਵਾਲ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿਲ੍ਹੇ ਦੇ ਬਾਕੀ ਪਿੰਡਾਂ ਲਈ ਵੀ ਇਕ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਸਿਹਤ ਬਲਾਕ ਸੜੋਆ ਅਧੀਨ ਪੈਂਦੇ ਪਿੰਡ ਭੋਲੇਵਾਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀਆਂ ਦਾ 100 ਫੀਸਦੀ ਟੀਕਾਕਰਨ ਮੁਕੰਮਲ ਹੋ ਗਿਆ ਹੈ ਜੋ ਕਿ ਬੇਹੱਦ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਪਿੰਡਾਂ ਨੂੰ ਵੀ ਆਉਣ ਵਾਲੇ ਦਿਨਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਡਾ ਗੁਰਿੰਦਰਬੀਰ ਕੌਰ ਨੇ ਪੰਚਾਂ ਅਤੇ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡਾਂ ਨੂੰ ਕੋਰੋਨਾ ਵਿਰੁੱਧ ਲੜਨ ਲਈ ਅੱਗੇ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਸਿਹਤ ਵਿਭਾਗ ਦੇ ਨਾਲ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਕੀਤੀ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 262895 ਨੂੰ ਪਾਰ ਕਰ ਗਈਆਂ ਹਨ। ਜ਼ਿਲ੍ਹੇ ਦੇ ਸਮੂਹ ਪਿੰਡਾਂ ਵੱਲੋਂ ਇਸ ਮੁਹਿੰਮ ਵਿਚ ਸਹਿਯੋਗ ਦਿੰਦੇ ਹੋਏ ਨਿਰੰਤਰ ਟੀਕਾਕਰਨ ਕਰਵਾਇਆ ਜਾ ਰਿਹਾ ਹੈ।