ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ 75ਵਾਂ ਅਜ਼ਾਦੀ ਦਿਹਾੜਾ ਮਨਾਇਆ

ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ
ਲੋਕਾਂ ਨੂੰ ਕੋਰੋਨਾ ਖਿਲਾਫ ਜੰਗ ਵਿੱਚ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ
ਬਟਾਲਾ, 15 ਅਗਸਤ 2021 ਦੇਸ਼ ਦੀ ਅਜ਼ਾਦੀ ਦਾ 75ਵਾਂ ਅਜ਼ਾਦੀ ਦਿਹਾੜਾ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ। ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਏ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਵਲੋਂ ਨਿਭਾਈ ਗਈ। ਕੌਮੀ ਤਰਾਨੇ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾ ਨੇ ਸਤਿਕਾਰ ਵਲੋਂ ਸਲਾਮੀ ਭੇਟ ਕੀਤੀ।
ਇਸ ਮੌਕੇ ਆਪਣੇ ਸੰਦੇਸ਼ ਵਿੱਚ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸਮੂਹ ਬਟਾਲਾ ਨਿਵਾਸੀਆਂ ਨੂੰ 75ਵੇਂ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆ ਵੱਲੋਂ ਚਲਾਏ ਸੰਘਰਸ਼ ਸਦਕਾ ਹੀ ਪੌਣੀ ਸਦੀ ਪਹਿਲਾਂ ਅਸੀਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਿਆ ਸੀ। ਉਨਾਂ ਕਿਹਾ ਕਿ ਅਜ਼ਾਦੀ ਦੇ ਇਸ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਬੱਬਰ ਅਕਾਲੀ, ਗਦਰ ਲਹਿਰ ਤੇ ਪੱਗੜੀ ਸੰਭਾਲ ਜਿਹੀਆਂ ਲਹਿਰਾਂ ਚੱਲੀਆਂ। ਉਨਾਂ ਕਿਹਾ ਕਿ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਜਿਹੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਯੋਗ ਹੋਏ ਹਾਂ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਣੌਤੀ ਪੂਰਨ ਸਮੇਂ ਵਿੱਚੋਂ ਗੁਜ਼ਰ ਰਹੇ ਹਾਂ ਜਦੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਸੂਬੇ ਅਤੇ ਦੇਸ਼ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਗਿ੍ਰਫਤ ਵਿੱਚ ਲਿਆ ਹੋਇਆ ਹੈ। ਉਨਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਿਵਸ ਦੇ ਜਸ਼ਨ ਵੀ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦੇ ਹੋਏ ਸਾਦੇ ਢੰਗ ਨਾਲ ਮਨਾ ਰਹੇ ਹਾਂ।
ਉਨਾਂ ਕਿਹਾ ਕਿ ਜਿਵੇਂ ਅਸੀਂ ਸੰਘਰਸ਼ ਕਰਕੇ ਬਿ੍ਰਟਿਸ਼ ਹਕੂਮਤ ਤੋਂ ਮੁਕਤੀ ਪਾਈ, ਉਵੇਂ ਹੀ ਸਾਨੂੰ ਹੁਣ ਕੋਰੋਨਾ ਖਿਲਾਫ ਜੰਗ ਉਤੇ ਵੀ ਫਤਹਿ ਪਾਉਣੀ ਹੈ। ਇਸ ਜੰਗ ਵਿੱਚ ਯੋਗਦਾਨ ਪਾਉਣ ਲਈ ਹਰ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਕੋਵਿਡ-19 ਵੈਕਸੀਨ ਲਗਵਾਉਣੀ ਚਾਹੀਦੀ ਹੈ, ਸੋਸ਼ਲ ਡਿਸਟੈਂਸ, ਮਾਸਕ ਪਹਿਨਣਾ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾਂ ਆਦਿ ਸਿਹਤ ਸਲਾਹਕਾਰੀਆਂ ਦਾ ਪਾਲਣਾ ਕਰਨਾ ਜ਼ਰੂਰੀ ਹੈ। ਜਦੋਂ ਵੀ ਕਿਸੇ ਵਿਅਕਤੀ ਨੂੰ ਬਿਮਾਰੀ ਦੇ ਲੱਛਣ ਮਹਿਸੂਸ ਹੋਣ ਤਾਂ ਉਸ ਨੂੰ ਤੁਰੰਤ ਆਪਣਾ ਟੈਸਟ ਕਰਵਾ ਕੇ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਲੜ ਰਹੇ ਯੋਧਿਆਂ ਨੂੰ ਵੀ ਉਹ ਸਿਜਦਾ ਕਰਦੇ ਹਨ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਰਿਕਾਰਡ ਵਿਕਾਸ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਹੋਏ ਹਨ। ਸੜਕਾਂ ਤੇ ਗਲੀਆਂ ਨੂੰ ਬਣਾਉਣ ਦੇ ਨਾਲ ਸ਼ਹਿਰ ਵਿਚੋਂ ਲੰਘਦੇ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਪੁੱਲ ਬਣਾਏ ਗਏ ਹਨ। ਹੰਸਲੀ ਨਾਲੇ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਵੀ ਮੁਕੰਮਲ ਹੋਣ ਦੇ ਨੇੜੇ ਹੈ। ਇਸ ਤੋਂ ਇਲਾਵਾ ਅਮੁਰਤ ਯੋਜਨਾ ਤਹਿਤ 141 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨਾਲ ਜੋੜਿਆ ਜਾ ਰਿਹਾ ਹੈ। ਸੀਵਰੇਜ ਦੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਇਸ ਸਾਲ ਦੇ ਅਖੀਰ ਤੱਕ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਦੀ ਪੂਰੀ ਉਮੀਦ ਹੈ। ਅਮੁਰਤ ਯੋਜਨਾ ਤਹਿਤ ਹੀ ਸ਼ਹਿਰੋਂ ਬਾਹਰਵਾਰ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰਮਾਣ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ।
ਅਜ਼ਾਦੀ ਸਮਾਗਮ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਬੈਂਡ ਦੀਆਂ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕੀਤਾ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਸਾਣੀਆਂ ਦੇ ਵਿਦਿਆਰਥੀ ਰੋਹਿਤ ਨੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ। ਐੱਸ.ਐੱਮ.ਓ. ਭੁੱਲਰ ਡਾ. ਵਿਰਕਮਜੀਤ ਸਿੰਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਉੱਪਰ ਲਿਖੀ ਆਪਣੀ ਕਵਿਤਾ ਪੇਸ਼ ਕੀਤੀ। ਹਸ਼ਤ ਸਿਲਪ ਕਾਲਜ ਦੀਆਂ ਵਿਦਿਆਰਥੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਸਮਾਗਮ ਦੇ ਅਖੀਰ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਅਤੇ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਅਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਕਰਮ ਕੌਰ, ਸ੍ਰੀਮਤੀ ਮਹਿੰਦਰ ਕੌਰ ਅਤੇ ਸ੍ਰੀਮਤੀ ਕਰਮ ਦੇਈ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸੇ ਦੌਰਾਨ ਅਜ਼ਾਦੀ ਸਮਾਗਮ ਵਿੱਚ ਭਾਗ ਲੈਣ ਵਾਲੇ ਅਤੇ ਕੋਰੋਨਾ ਕਾਲ ਦੌਰਾਨ ਆਪਣੀਆਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਅਮਲੇ, ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਸਨਮਾਨਤ ਕੀਤਾ ਗਿਆ।
ਇਸ ਮੌਕੇ ਐੱਸ.ਪੀ. ਗੁਰਪ੍ਰੀਤ ਸਿੰਘ, ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਡੀ.ਐੱਸ.ਪੀ. ਪਰਵਿੰਦਰ ਕੌਰ, ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ, ਐੱਸ.ਡੀ.ਓ. ਦਵਿੰਦਰਪਾਲ ਸਿੰਘ, ਐੱਸ.ਡੀ.ਓ. ਗੁਰਜਿੰਦਰ ਸਿੰਘ, ਸਵਰਨ ਮੁੱਢ, ਜਸਕਰਨ ਸਿੰਘ ਕਾਹਲੋਂ, ਸਾਬਕਾ ਜ਼ਿਲ੍ਹਾ ਕਮਾਂਡਰ ਪੰਜਾਬ ਹੋਮਗਾਰਡਜ਼ ਹਰਦੀਪ ਸਿੰਘ ਬਾਜਵਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ਼ਸ਼ੀ ਭੂਸ਼ਨ ਵਰਮਾ, ਪ੍ਰਿੰਸੀਪਲ ਜਤਿੰਦਰ ਮਹਾਜਨ, ਪ੍ਰਿੰਸੀਪਲ ਅਨਿਲ ਸ਼ਰਮਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਟਾਲਾ ਨਿਵਾਸੀ ਹਾਜ਼ਰ ਸਨ।

Spread the love