ਮਾਲ ਮਹਿਕਮੇ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿਚ ਬੇਲੋੜੀ ਦੇਰੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਰੂਪਨਗਰ, 18 ਅਗਸਤ 2021 ਜ਼ਿਲ੍ਹੇ ਭਰ ਵਿਚ ਮਾਲ ਵਿਭਾਗ ਵਲੋਂ ਆਮ ਲੋਕਾਂ ਨੂੰ ਸੇਵਵਾਂ ਪ੍ਰਦਾਨ ਕਰਨ ਵਿਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮਾਲ ਵਿਭਾਗ ਦੇ ਲੰਬਿਤ ਪਏ ਮਾਮਲਿਆਂ ਸਬੰਧੀ ਮੀਟਿੰਗ ਦੌਰਾਨ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਲ ਮਹਿਕਮੇ ਨਾਲ ਸਬੰਧਤ ਆਮ ਲੋਕਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਵਿਸੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿੰਨਾਂ ਨੂੰ ਜਮੀਨੀ ਪੱਧਰ `ਤੇ ਇਨ ਬਿਨ ਲਾਗੂ ਕੀਤਾ ਜਾਵੇ।
ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਸਮਾਂ ਬੱਧ ਸੇਵਾਵਾਂ ਪ੍ਰਦਾਨ ਕਰਨਾ ਹੈ।ਸੋ ਲੋਕਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਧਿਕਾਰੀਆਂ ਵਲੋਂ ਬੇਵਜ਼ਾ ਅੜਚਨਾਂ ਨਾ ਪੈਦਾ ਕੀਤੀਆਂ ਜਾਣ।ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਅਜਿਹਾ ਕਰਦਾ ਕੋਈ ਅਧਿਕਾਰੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਜ਼ਿਲ੍ਹੇ ਦੀਆਂ ਜਿੰਨੀਆਂ ਵੀ ਅਰਜੀਆਂ ਵੱਖ ਵੱਖ ਮਾਮਲਿਆਂ ਨਾਲ ਸਬੰਧਤ ਹਨ ਉਨ੍ਹਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਕੀਤਾ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਹਰ ਮਾਮਲੇ ਨੂੰ ਮੈਰਿਟ ਦੇ ਅਧਾਰ `ਤੇ ਬਿਨਾ ਕਿਸੇ ਭੇਦ ਭਾਵ ਦੇ ਵਿਚਾਰਿਆ ਜਾਵੇ।
ਸ੍ਰੀਮਤੀ ਸੋਨਾਲੀ ਗਿਰੀ ਨੇ ਖਾਸ ਕਰਕੇ ਜਮੀਨਾਂ ਦੀ ਨਿਸ਼ਾਨਦੇਹੀ ਦੇ ਪੈਡਿੰਗ ਮਾਮਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਤੁਰੰਤ ਬਾਅਦ ਜਦੋਂ ਜਮੀਨਾਂ ਖਾਲੀ ਹੋਣ ਤਾਂ ਨਿਸ਼ਾਨਦੇਹੀ ਦੇ ਸਾਰੇ ਪੈਂਡਿੰਗ ਮਾਮਲੇ ਨਿਬੇੜੇ ਜਾਣ।ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀ ਦੇ ਮਾਮਲਿਆਂ ਵਿਚ ਬੇਲੋੜੀ ਦੇਰੀ ਨਾ ਕੀਤੀ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇ।