ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਕਰ ਰਹੀ ਹੈ ਖ਼ਿਲਵਾੜ : ਸਰਵਜੀਤ ਕੌਰ ਮਾਣੂੰਕੇ
ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਦਲਿਤ ਲੋਕਾਂ ਦੇ ਹਮਦਰਦ ਹੋਣ ਦਾ ਕਰ ਰਹੇ ਨੇ ਢੌਂਗ, ਪਰ ਕਰ ਰਹੇ ਨੇ ਦਲਿਤ ਵਿਦਿਆਰਥੀਆਂ ਦਾ ਜੀਵਨ ਬਰਬਾਦ : ਮੀਤ ਹੇਅਰ
ਵਜ਼ੀਫਾ ਘੁਟਾਲੇ ਲਈ ਜ਼ਿੰਮੇਵਾਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੈਪਟਨ ਨੇ ਨਹੀਂ ਕੀਤੀ ਕੋਈ ਕਾਰਵਾਈ
ਚੰਡੀਗੜ੍ਹ, 28 ਮਈ 2021
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਅਨੁਸ਼ੂਚਿਤ ਜਾਤੀਆਂ ਕਮਿਸ਼ਨ (ਐਨ.ਸੀ.ਐਸ.ਸੀ) ਵੱਲੋਂ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਨ ਦਾ ਸਵਾਗਤ ਕਰਦਿਆਂ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ (ਪੋਸਟ ਮੈਟ੍ਰਿਕ ਸਕਾਲਰਸ਼ਿਪ) ਦੀ ਰਕਮ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ, ਜਿਸ ਕਾਰਨ ਦਲਿਤ ਸਮਾਜ ਦੇ 10ਵੀਂ ਪਾਸ ਵਿਦਿਅਰਥੀਆਂ ਨੂੰ ਅਗਲੀਆਂ ਜਮਾਤਾਂ ਦੀ ਪੜ੍ਹਾਈ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼ੁਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਿੱਛਲੇ ਕਈ ਸਾਲਾਂ ਤੋਂ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਕਰੋੜਾਂ ਰੁਪਏ ਰਕਮ ਨਿੱਜੀ ਕਾਲਜਾਂ ਅਤੇ ਹੋਰ ਸੰਸਥਾਵਾਂ ਨੂੰ ਨਹੀਂ ਦਿੱਤੀ ਗਈ, ਜਿਸ ਕਾਰਨ ਇਨਾਂ ਵਿਦਿਅਕ ਸੰਸਥਾਵਾਂ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਪ੍ਰੀਖਿਆਵਾਂ ਦੇ ਰੋਲ ਨੰਬਰ ਰੋਕ ਰੱਖੇ ਹਨ ਅਤੇ ਵਿਦਿਆਰਥੀਆਂ ਦੇ ਵਿਦਿਅਕ ਤੇ ਹੋਰ ਸਰਟੀਫਿਕੇਟ ਅਪਣੇ ਕਬਜੇ ਵਿੱਚ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਦਿਆਕ ਸੰਸਥਾਵਾਂ ਵੱਲੋਂ ਪ੍ਰੀਖਿਆਵਾਂ ਦੇ ਰੋਲ ਨੰਬਰ ਰੋਕ ਲੈਣ ਕਾਰਨ ਵਿਦਿਆਰਥੀ ਪੇਪਰ ਨਹੀਂ ਦੇ ਸਕਦੇ, ਇਸ ਲਈ ਮਜਬੂਰੀਬਸ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਰੋਲ ਨੰਬਰ ਲੈਣ ਲਈ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਇੱਕ ਪ੍ਰਾਈਵੇਟ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਰੋਲ ਨੰਬਰ ਨਾ ਦੇ ਕੇ ਫੀਸ ਜਮਾਂ ਕਰਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਰੱਖਦਿਆਂ ਕੌਮੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖ਼ਿਲਵਾੜ ਕਰ ਰਹੀ ਹੈ, ਜਦੋਂ ਕਿ ਸਰਕਾਰ ਦੇ ਮੰਤਰੀ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਨਾਲ ਮੌਜਾਂ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫ਼ਾ ਘੁਟਾਲਾ ਉਜਾਗਰ ਹੋਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਘੁਟਾਲੇ ਲਈ ਜ਼ਿੰਮੇਵਾਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖ਼ਿਲਵਾੜ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਅਤੇ ਮੰਤਰੀ ਦੀ ਰਿਹਾਇਸ ਸਮੇਤ ਪੂਰੇ ਸੂਬੇ ’ਚ ਧਰਨੇ ਪ੍ਰਦਰਸ਼ਨ ਕੀਤੇ ਸਨ। ਪਰ ਕੈਪਟਨ ਅਮਰਿੰਦਰ ਸਿੰਘ ਨੇ ਵਜ਼ੀਫ਼ਾ ਘੁਟਾਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅਤੇ ਵਜ਼ੀਫ਼ਾ ਰਾਸ਼ੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਜਾਰੀ ਨਾ ਕੀਤੇ ਜਾਣ ਕਾਰਨ ਅੱਜ ਵੀ ਦਲਿਤ ਵਿਦਿਆਰਥੀ ਸੰਘਰਸ਼ ਕਰ ਰਹੇ ਹਨ। ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਸੂਬੇ ਦੇ ਦਲਿਤ ਲੋਕਾਂ ਦੇ ਹਮਦਰਦ ਹੋਣ ਦਾ ਢੌਂਗ ਕਰ ਰਹੇ ਹਨ, ਜਦੋਂ ਕਿ ਸਚਾਈ ਇਹ ਹੈ ਕਿ ਦਲਿਤ ਵਿਦਿਆਰਥੀਆਂ ਦਾ ਜੀਵਨ ਬਰਬਾਦ ਕੀਤਾ ਜਾ ਰਿਹਾ ਹੈ। ਆਪ ਆਗੂਆਂ ਨੇ ਮੰਗ ਕੀਤੀ ਕਿ ਵਜ਼ੀਫ਼ਾ ਘੁਟਾਲੇ ’ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਰਕਾਰ ਵਿੱਚੋਂ ਬਰਖ਼ਾਸਤ ਕੀਤਾ ਜਾਵੇ ਅਤੇ ਵਜ਼ੀਫ਼ਾ ਰਾਸ਼ੀ ਵਿਦਿਅਕ ਅਦਾਰਿਆਂ ਨੂੰ ਜਾਰੀ ਕੀਤੀ ਜਾਵੇ।