![illegal colony illegal colony](https://newsmakhani.com/wp-content/uploads/2021/12/illegal-colony-3.jpeg)
ਕਲੋਨਾਈਜ਼ਰ ਆਪਣੇ ਲਾਇਸੰਸ ਜਲਦ ਤੋਂ ਜਲਦ ਬਣਵਾਉਣ – ਸੰਦੀਪ ਕੁਮਾਰ
ਲੁਧਿਆਣਾ, 02 ਦਸੰਬਰ 2021
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਰਿਹਾਇਸ਼ੀ ਕਲੋਨੀ ਵਿਕਸਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਲੋਨਾਈਜ਼ਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣਾ ਕਾਰੋਬਾਰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣਾ ਚਾਹੁੰਦੇ ਹਨ ਤਾਂ ਉਹ ਕਾਨੂੰਨੀ ਰਾਹ ਅਪਣਾਉਣ ਅਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਆਪਣਾ ਲਾਇਸੰਸ ਜਾਰੀ ਕਰਵਾਉਣ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ’ਚ ਆਕਸੀਜਨ ਪਲਾਂਟ ਦਾ ਦੌਰਾ
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਦੱਸਿਆ ਕਿ ਅੱਜ ਲਾਡੀਆਂ ਕਲਾਂ ਵਿੱਚ ਸ਼ਿਵ ਸ਼ਕਤੀ ਐਨਕਲੇਵ ਨਾਮ ਦੀ ਇੱਕ ਉਸਾਰੀ ਅਧੀਨ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਹ ਆਪਣੇ ਲਾਇਸੈਂਸ ਲੈਣ ਵਿੱਚ ਅਸਫਲ ਰਹਿੰਦੇ ਹਨ ਤਾਂ ਸਰਕਾਰ ਵੱਲੋਂ ਅਜਿਹੀਆਂ ਸਾਰੀਆਂ ਨਾਜਾਇਜ਼ ਕਲੋਨੀਆਂ ਨੂੰ ਵੀ ਢਾਹ ਦਿੱਤਾ ਜਾਵੇਗਾ।
ਅੱਜ ਇੱਥੇ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅਜਿਹੇ ਕਲੋਨਾਈਜ਼ਰ ਗਲਾਡਾ ਕੋਲ ਆਪਣੇ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਹ ਲਾਇਸੰਸ ਬਿਨਾਂ ਕਿਸੇ ਮੁਸ਼ਕਲ ਦੇ ਜਾਰੀ ਕੀਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਜਾਇਜ਼ ਲਾਇਸੈਂਸ ਤੋਂ ਬਿਨਾਂ ਉਸਾਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਸਖ਼ਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।