ਲੁਧਿਆਣਾ, 20 ਜੁਲਾਈ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਇਸ ਵਾਰ ਸਾਦਾ ਤੇ ਘੱਟ ਇਕੱਠ ਵਾਲਾ ਹੋਵੇਗਾ, ਜਿਸ ਦੌਰਾਨ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਨੂੰ ਕਿਸੇ ਵੀ ਕੀਮਤ ‘ਤੇ ਯਕੀਨੀ ਬਣਾਇਆ ਜਾਵੇਗਾ।
ਉੱਚ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ 200 ਵਿਅਕਤੀਆਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਸਮਾਗਮ ਸਾਦੇ ਅਤੇ ਸੰਖੇਪ ਰੱਖੇ ਜਾਣਗੇ।
ਕੋਵਿਡ-19 ਦੀ ਸੰਭਾਵਿਤ ਤੀਜ਼ੀ ਲਹਿਰ ਦੇ ਦਰਮਿਆਨ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਜ਼ਿਕਰ ਕਰਦਿਆਂ, ਉਨ੍ਹਾਂ ਅੱਗੇ ਕਿਹਾ ਕਿ ਸਮਾਗਮ ਦੌਰਾਨ ਕੋਈ ਵਿਸ਼ਾਲ ਇਕੱਠ ਨਹੀਂ ਹੋਵੇਗਾ ਕਿਉਂਕਿ ਇਹ ਪਿਛਲੇ ਸਾਲਾਂ ਦੌਰਾਨ ਹੁੰਦਾ ਸੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਸਲਾਮੀ ਦੇਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਨੂੰ ਬਣਾਈ ਰੱਖਣ ਲਈ ਪੀ.ਟੀ. ਸ਼ੋਅ, ਸਭਿਆਚਾਰਕ ਸਮਾਗਮ, ਪਰੇਡਾਂ ਆਦਿ ਵਰਗੀਆਂ ਹੋਰ ਗਤੀਵਿਧੀਆਂ ਨਹੀਂ ਹੋਣਗੀਆਂ।
ਸ੍ਰੀ ਸ਼ਰਮਾ ਨੇ ਕਿਹਾ ਕਿ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਜਿਸ ਵਿੱਚ ਸਮਾਜਿਕ ਦੂਰੀ, ਮਾਸਕ ਪਹਿਨਣਾ, ਹੱਥਾਂ ਦੀ ਸਫਾਈ, ਸਟੇਡੀਅਮ ਨੂੰ ਰੋਗਾਣੂ ਮੁਕਤ ਕਰਨਾ ਸਮੇਤ, ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਖ਼ਾਸਕਰ ਸਮਾਗਮ ‘ਤੇ ਡਿਊਟੀ ਵਾਲੇ ਵਾਇਰਸ ਦੇ ਫੈਲਣ ਤੋਂ ਬਚਾਅ ਲਈ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪੂਰੇ ਦਿਨ ਦੀ ਰਿਹਰਸਲ 13 ਅਗਸਤ ਨੂੰ ਹੋਵੇਗੀ।
ਇਸ ਮੌਕੇ ਪ੍ਰਮੁੱਖ ਤੌਰ ‘ਤੇ ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ. ਐਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਐਸ.ਡੀ.ਐਮਜ਼ ਡਾ. ਬਲਜਿੰਦਰ ਸਿੰਘ ਢਿੱਲੋਂ, ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਸਹਾਇਕ ਕਮਿਸ਼ਨਰ ਪਰਲੀਨ ਕੌਰ ਕਾਲੇਕਾ ਅਤੇ ਹੋਰ ਸ਼ਾਮਲ ਸਨ।