ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਲੁਧਿਆਣਾ, 30 ਸਤੰਬਰ 2022

– ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਸ੍ਰੀਮਤੀ ਮਲਿਕ ਨੇ ਕਿਹਾ ਕਿ ਇਸ ਸੀਜਨ ਦੌਰਾਨ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 17.67 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਕਿਉਂਕਿ ਇਹ ਕਿਸਾਨਾਂ ਵੱਲੋਂ ਪਿਛਲੇ 6 ਮਹੀਨਿਆਂ ਦੌਰਾਨ ਕੀਤੀ ਸਖ਼ਤ ਮਿਹਨਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਸ੍ਰੀਮਤੀ ਮਲਿਕ ਨੇ ਅੱਗੇ ਕਿਹਾ ਕਿ ਲਿਫਟਿੰਗ ਦੇ ਢੁਕਵੇਂ ਪ੍ਰਬੰਧਾਂ ਤੋਂ ਇਲਾਵਾ ਲੋੜੀਂਦਾ ਬਾਰਦਾਨਾ ਵੀ ਉਪਲੱਬਧ ਹੈ ਅਤੇ ਸਾਰੇ ਖਰੀਦ ਕੇਂਦਰਾਂ ਵਿੱਚ ਅਦਾਇਗੀ ਲਈ ਵੀ ਅਗੇਤੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨਲ ਮੈਜਿਸਟਰੇਟਾਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਮੀਨਾਕਸ਼ੀ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਲਗਭਗ 17.67 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਅਨਾਜ ਉਤਪਾਦਕਾਂ ਨੂੰ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਅਦਾਇਗੀਆਂ ਯਕੀਨੀ ਬਣਾਉਣ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Read More – Swachhta Walk and Cleanliness drives mark Swachhta Pakhwada at MCM

Spread the love