ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਵੋਟਿੰਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਅਧੀਨ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ: ਓਜਸਵੀ ਅਲੰਕਾਰ

Ojasvi Alankar
ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਵੋਟਿੰਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਅਧੀਨ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ: ਓਜਸਵੀ ਅਲੰਕਾਰ
ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਸੱਦਾ

ਜਲੰਧਰ, 2 ਫਰਵਰੀ 2022

ਨੌਜਵਾਨ ਵੋਟਰਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ‘ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ’ (ਸਵੀਪ) ਪ੍ਰੋਗਰਾਮ ਤਹਿਤ ਕਈ ਨਿਵੇਕਲੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਹੋਰ ਪੜ੍ਹੋ :-ਕੋਵਿਡ ਪਾਬੰਦੀਆਂ ਵਿਚ 8 ਫਰਵਰੀ ਤੱਕ ਦਾ ਵਾਧਾ-ਜਿਲ੍ਹਾ ਮੈਜਿਸਟੇ੍ਰਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਓਜਸਵੀ ਅਲੰਕਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਬਹੁ-ਪੱਖੀ ਰਣਨੀਤੀ ਅਪਣਾਈ ਗਈ ਹੈ ਤਾਂ ਜੋ 20 ਫਰਵਰੀ 2022 ਨੂੰ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਜਲੰਧਰ ਵਿੱਚ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕਈ ਵਿੱਦਿਅਕ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵਿੱਚ ਨੈਤਿਕ ਵੋਟਿੰਗ ਨੂੰ ਸਮਰਪਿਤ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਡੂਡਲ ਆਰਟ ਸਿਰੀਜ਼, ਵਾਲ ਪੇਂਟਿੰਗਜ਼, ਨੁੱਕੜ ਨਾਟਕ, ਵੋਟਰਾਂ ਲਈ ਜਾਗਰੂਕਤਾ ਗੀਤ ‘ਵੋਟਰ ਜੁਗਨੀ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਵਿੱਚ ਖਿੱਚ ਦਾ ਕੇਂਦਰ ਬਣ ਰਹੀਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਨੌਜਵਾਨਾਂ ਵਿੱਚ ਪ੍ਰਸਾਰਿਤ ਕਰਨ ਲਈ ਪ੍ਰਸਿੱਧ ਕਲਾਕਾਰਾਂ ਦੇ ਸੰਦੇਸ਼ ਵੀ ਤਿਆਰ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜੀ.ਐਨ.ਏ. ਦੇ ਸਹਿਯੋਗ ਨਾਲ ਸਵੀਪ ਗਤੀਵਿਧੀਆਂ ਸਬੰਧੀ ਇੱਕ ਵਿਸ਼ੇਸ਼ ਲੋਗੋ ਵੀ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਚ.ਐਮ.ਵੀ. ਕਾਲਜ, ਜਲੰਧਰ ਅਤੇ ਰਮਨਪ੍ਰੀਤ ਕੌਰ ਸੀਈਓ ਸ਼ਮਸ਼ੀਰ ਪ੍ਰੋਡਕਸ਼ਨ ਦੇ ਸਹਿਯੋਗ ਨਾਲ ਵੋਟਰ ਜੁਗਨੀ ਪੰਜਾਬੀ ਗੀਤ ਵੀ ਰਿਕਾਰਡ ਅਤੇ ਸ਼ੂਟ ਕੀਤਾ ਗਿਆ ਹੈ। ਸ਼੍ਰੀ ਅਲੰਕਾਰ ਨੇ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਗੈਰ ਸਰਕਾਰੀ ਸੰਸਥਾਵਾਂ ਅਤੇ ਵਿੱਦਿਅਕ ਸੰਸਥਾਵਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਤੋਂ ਇਸ ਦਿਸ਼ਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਯਤਨਾਂ ਲਈ ਸਹਿਯੋਗ ਦੀ ਮੰਗ ਕੀਤੀ।

ਵੱਧ ਤੋਂ ਵੱਧ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਲਈ ਜਾਗਰੂਕ ਕਰਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਇਸ ਗੀਤ ਦੀ ਲੇਖਿਕਾ ਅਤੇ ਨਿਰਦੇਸ਼ਕ ਰਮਨਪ੍ਰੀਤ ਕੌਰ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਇਹ ਗੀਤ ਦੋ ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਹੀ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ। ਉਨ੍ਹਾਂ ਸਵੀਪ ਮੁਹਿੰਮ ਦਾ ਹਿੱਸਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦਾ ਧੰਨਵਾਦ ਵੀ ਕੀਤਾ।

Spread the love