ਐੱਸ.ਐੱਮ.ਓ. ਨੇ ਟੀਬੀ ਦੇ ਮਰੀਜ਼ਾਂ ਦੀ ਪਛਾਣ ਕਰਨ ਲਈ ਸਰਵੇ ਟੀਮਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਟੀਬੀ ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਨੀ ਬੇਹੱਦ ਜ਼ਰੂਰੀ
ਨਵਾਂਸ਼ਹਿਰ, 30 ਸਤੰਬਰ 2021
ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀਨੀਅਰ ਮੈਡੀਕਲ ਅਫਸਰ, ਨਵਾਂਸ਼ਹਿਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ ਐਕਟਿਵ ਕੇਸ ਫਾਈਂਡਿੰਗ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੀ ਸਲੱਮ ਵਸੋਂ ਵਾਲੇ ਖੇਤਰਾਂ ਵਿਚ ਟੀਬੀ ਦੇ ਮਰੀਜ਼ਾਂ ਦੀ ਪਛਾਣ ਕਰਨ ਲਈ ਅੱਜ ਸਰਵੇ ਟੀਮਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਐੱਸ.ਐੱਮ.ਓ. ਮਨਦੀਪ ਕਮਲ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ (ਐੱਨ.ਟੀ.ਈ.ਪੀ.) ਤਹਿਤ ਦੇਸ਼ ਵਿਚੋਂ ਟੀਬੀ ਦੀ ਬਿਮਾਰੀ ਨੂੰ ਸਾਲ 2025 ਵਿਚ ਖਤਮ ਕਰਨ ਦਾ ਟੀਚਾ ਮਿਿਥਆ ਹੋਇਆ ਹੈ, ਜਿਸ ਨੂੰ ਪੂਰਾ ਕਰਨ ਲਈ ਟੀਬੀ ਦੇ ਮਰੀਜ਼ਾਂ ਦੀ ਜਲਦ ਪਛਾਣ ਕਰਨਾ ਬੇਹੱਦ ਜ਼ਰੂਰੀ ਹੁੰਦਾ ਹੈ। ਇਸ ਲਈ ਜ਼ਿਲ੍ਹੇ ਦੀ ਸਲੱਮ ਵਸੋਂ ਵਾਲੇ ਖੇਤਰਾਂ ਵਿਚ ਟੀਬੀ ਦੇ ਮਰੀਜ਼ਾਂ ਦੀ ਪਛਾਣ ਲਈ ਐਕਟਿਵ ਕੇਸ ਫਾਈਂਡਿੰਗ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਸਰਵੇ ਟੀਮਾਂ ਘਰ-ਘਰ ਜਾ ਕੇ ਟੀਬੀ ਮਰੀਜ਼ਾਂ ਦੀ ਪਛਾਣ ਕਰਨਗੀਆਂ ਤਾਂ ਜੋ ਟੀ.ਬੀ. ਦੇ ਮਰੀਜ਼ਾ ਦੀ ਸ਼ਨਾਖਤ ਕਰਕੇ ਇਸ ਬਿਮਾਰੀ ਨੂੰ ਅਗਾਂਹ ਫੈਲਣ ਤੋਂ ਰੋਕਿਆ ਜਾ ਸਕੇ। ਇਹ ਸਰਵੇ 20 ਅਕਤੂਬਰ ਤੱਕ ਜਾਰੀ ਰਹੇਗਾ।
ਡਾ. ਕਮਲ ਨੇ ਦੱਸਿਆ ਕਿ ਟੀਬੀ ਇਕ ਖਤਰਨਾਕ ਬਿਮਾਰੀ ਹੈ। ਜੇਕਰ ਇਸ ਦਾ ਸਮੇਂ ਸਿਰ ਸਹੀ ਇਲਾਜ ਨਾ ਕੀਤਾ ਜਾਵੇ ਤਾਂ ਮਰੀਜ਼ ਦੀ ਮੌਤ ਵੀ ਹੋ ਸਕਦੀ ਹੈ। ਟੀਬੀ ਦਾ ਮਰੀਜ਼ ਸਾਹ ਰਾਹੀਂ ਇਕ ਤੰਦਰੁਸਤ ਮਰੀਜ਼ ਨੂੰ ਇੰਫੈਕਸ਼ਨ ਦੇ ਸਕਦਾ ਹੈ। ਇਸ ਕਰਕੇ ਟੀਬੀ ਦੇ ਮਰੀਜਾਂ ਨੂੰ ਮੂੰਹ ਢੱਕ ਕੇ ਰੱਖਣਾ ਚਾਹੀਦਾ ਹੈ।
ਭਾਰਤ ਵਿਚ ਅੰਦਾਜ਼ਨ 26 ਲੱਖ ਤੋਂ ਵੱਧ ਟੀਬੀ ਦੇ ਸਰਗਰਮ ਮਰੀਜ਼ ਹਨ, ਜਿਨ੍ਹਾਂ ਵਿਚੋਂ ਹਰ ਸਾਲ ਪੰਜ ਲੱਖ ਟੀਬੀ ਰੋਗੀਆਂ ਦੀ ਮੌਤ ਹੋ ਜਾਂਦੀ ਹੈ। ਤਪਦਿਕ (ਟੀਬੀ) ਛੂਤ ਦੀ ਬਿਮਾਰੀ ਹੈ ਜੋ ਖੰਘਣ, ਛਿੱਕਣ ਤੇ ਹਵਾ ਰਾਹੀਂ ਇਕ ਤੋਂ ਦੂਜੇ ਵਿਅਕਤੀ ਵਿਚ ਬੜੀ ਤੇਜ਼ੀ ਨਾਲੀ ਫੈਲਦੀ ਹੈ। ਇਸ ਦੇ ਹੋਰ ਲੱਛਣਾਂ ਵਿਚ ਬੁਖਾਰ ਚੜਨਾ, ਭੁੱਖ ਘੱਟ ਲੱਗਣਾ, ਭਾਰ ਘੱਟ ਜਾਣਾ ਆਦਿ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜੇ ਦੋ ਹਫਤਿਆਂ ਤੋਂ ਜ਼ਿਆਦਾ ਲੰਬੀ ਖੰਘ ਹੈ ਤਾਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟੀਬੀ ਲਾਇਲਾਜ ਨਹੀਂ ਹੈ। ਮਰੀਜ਼ਾਂ ਨੂੰ ਟੀਬੀ ਦਾ ਇਲਾਜ ਪੂਰਾ ਕਰਨਾ ਚਾਹੀਦਾ ਹੈ, ਨਹੀਂ ਤਾਂ ਇਹ ਭਿਆਨਕ ਰੂਪ ਧਾਰਨ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਟੀਬੀ ਵਿਰੁੱਧ ਲੜਾਈ ਵਿਚ ਸਭ ਤੋਂ ਵੱਡੀ ਰੁਕਾਵਟ ਸਮਾਜਿਕ ਭੇਦਭਾਵ ਬਣੀ ਹੋਈ ਹੈ, ਜਿਸ ਕਾਰਨ ਮਰੀਜ਼ ਆਪਣੀ ਬਿਮਾਰੀ ਬਾਰੇ ਦੱਸਣ ਦੇ ਨਾਲ-ਨਾਲ ਦਵਾਈ ਖਾਣ ਤੋਂ ਪ੍ਰਹੇਜ ਵੀ ਕਰਦੇ ਹਨ ਅਤੇ ਉਹ ਬਿਮਾਰੀ ਨੂੰ ਛੁਪਾ ਕੇ ਰੱਖਦੇ ਹਨ। ਇਹ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟੀਬੀ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਡਾ ਗੁਰਪਾਲ ਕਟਾਰੀਆ, ਗਾਈਨਾਕੋਲੋਜਿਸਟ ਮੋਨਿਕਾ ਜੈਨ, ਐੱਲ.ਐੱਚ.ਵੀ. ਬਲਵਿੰਦਰ ਕੌਰ ਸਮੇਤ ਟੀਮ ਮੈਂਬਰ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।