ਆਸ਼ੂ ਵੱਲੋ ਲੁਧਿਆਣਾ ‘ਚ ਚੱਲ ਰਹੇ ਵਿਕਾਸ ਕਾਰਜ਼ਾ ਦਾ ਲਿਆ ਜਾਇਜਾ

ਲੁਧਿਆਣਾ, 13 ਜੁਲਾਈ  2021 ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਲੁਧਿਆਣਾ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਚੰਡੀਗੜ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਜਿਸ ਵਿੱਚ ਗੁਰੂ ਨਾਨਕ ਸਟੇਡੀਅਮ ਦੇ ਨਵੇਂ ਐਥਲੈਟਿਕ ਟਰੈਕ, ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਬਾਇਓ-ਗੈਸ ਪਲਾਂਟ ਸਥਾਪਤ ਕਰਨ, ਬੁੱਢੇ ਨਾਲੇ ਦੇ ਕਾਇਆ ਕਲਪ, ਡੋਰ ਟੂ ਡੋਰ ਵੇਸਟ ਕੁਲੈਕਸ਼ਨ, ਸੈਕੰਡਰੀ ਪੋਆਇੰਟਾਂ ਤੋਂ ਟਰਾਂਸਪੋਰਟੇਸ਼ਨ ਸਮੇਤ ਕੂੜੇ ਦੀ ਪ੍ਰੋਸੈਸਿੰਗ, ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦੇ ਤਹਿਤ ਕੂੜੇ ਨੂੰ ਊਰਜ਼ਾ ਪਲਾਂਟ ਵਿੱਚ ਤਬਦੀਲ ਕਰਨ ਲਈ ਇੱਕ ਸਲਾਹਕਾਰ ਦੀ ਨਿਯੁਕਤੀ ਕਰਨਾ ਸ਼ਾਮਲ ਹਨ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਫ਼ਤਾਵਾਰ ਦੇ ਅਧਾਰ ‘ਤੇ ਲੁਧਿਆਣਾ ਦੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਣਤਾਈ ਪਾਏ ਜਾਣ ‘ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਵੱਖ-ਵੱਖ ਯੋਜਨਾਵਾਂ ਅਤੇ ਸਮਾਰਟ ਸਿਟੀ ਪ੍ਰੋਗਰਾਮ ਤਹਿਤ ਪ੍ਰਾਜੈਕਟਾਂ ਨੂੰ ਤੈਅ ਸਮੇਂਂ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਕੰਮ ਜਲਦ ਪੂਰਾ ਕਰ ਲਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਦਾ ਲਾਭ ਪਹੁੰਚ ਸਕੇ।
ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਲੁਧਿਆਣਾ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਦੌਰ ਆਵੇਗਾ।
ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Spread the love