ਅਧਿਕਾਰੀਆਂ ਨੂੰ ਪੂਰੀ ਤਨਦੇਹੀ, ਸ਼ਿੱਦਤ ਅਤੇ ਸਮਰਪਿਤ ਭਾਵਨਾ ਨਾਲ ਚੋਣਾਂ ਪ੍ਰਕਿਰਿਆ ਮੁਕੰਮਲ ਕਰਨ ਦਾ ਸੱਦਾ
ਐਮ.ਸੀ.ਐਮ.ਸੀ.,ਸ਼ਿਕਾਇਤ ਨਿਵਾਰਣ ਤੇ ਕਾਲ ਸੈਂਟਰ, ਰੋਜ਼ਾਨਾ ਰਿਪੋਰਟਿੰਗ ਸੈਲ ਵਿਖੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ
ਜਲੰਧਰ, 9 ਜਨਵਰੀ 2022
ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਵੱਖ-ਵੱਖ ਕਮੇਟੀਆਂ, ਸੈੱਲ ਅਤੇ ਸੈਂਟਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਲੋੜੀਂਦੀਆਂ ਮਨਜ਼ੂਰੀਆਂ, ਸ਼ਿਕਾਇਤਾਂ ਅਤੇ ਰੋਜ਼ਾਨਾਂ ਰਿਪੋਰਟਾਂ ਨੂੰ ਤਰਜ਼ੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਹੋਰ ਪੜ੍ਹੋ :-ਰਾਘਵ ਚੱਢਾ ਨੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਮੱਥਾ ਟੇਕਿਆ
ਜ਼ਿਲ੍ਹਾ ਚੋਣ ਅਫ਼ਸਰ ਨੇ ਕਮਰਾ ਨੰ. 14ਏ ਵਿੱਚ ਬਣੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕਰਦਿਆਂ ਉਥੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨਾਲ ਗੱਲਬਾਤ ਕਰਕੇ ਕਿਹਾ ਕਿ ਪੇਡ ਨਿਊਜ਼ ‘ਤੇ ਨਿਗ੍ਹਾ ਰੱਖੀ ਜਾਵੇ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਕਮੇਟੀ ਨੇ ਚੋਣ ਜ਼ਾਬਤਾ ਲੱਗਦੇ ਸਾਰ ਹੀ ਨਿਰੰਤਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਸ਼ਤਿਹਾਰ ਦੀ ਪ੍ਰੀ-ਸਰਟੀਫਿਕੇਸ਼ਨ ਦੇ ਨਾਲ-ਨਾਲ ਪੇਡ ਨਿਊਜ਼, ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਅਤੇ ਇਕ ਤਰਫਾ ਖ਼ਬਰਾਂ ‘ਤੇ ਨਜ਼ਰ ਰੱਖੀ ਜਾ ਸਕੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਬੈਲਟ ਸੋਰਟਿੰਗ ਐਂਡ ਫੈਸਿਲੀਟੇਸ਼ਨ ਸੈਂਟਰ ਵਿਖੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਤੇ ਕਾਲ ਸੈਂਟਰ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਪ੍ਰਕਿਰਿਆ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ‘ਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਟੋਲ ਫ੍ਰੀ ਨੰਬਰ 1950 ‘ਤੇ ਕੋਈ ਵੀ ਵਿਅਕਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰੀ ਰੋਜ਼ਾਨਾ ਰਿਪੋਰਟਿੰਗ ਸੈੱਲ ਦਾ ਵੀ ਡਿਪਟੀ ਕਮਿਸ਼ਨਰ ਵੱਲੋਂ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸੈਲ ਵਿਖੇ ਹਰ ਨੋਡਲ ਅਧਿਕਾਰੀ ਵੱਲੋਂ ਰੋਜ਼ਾਨਾ ਰਿਪੋਰਟ ਭੇਜੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ/ਕਰਮਚਾਰੀਆਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਚੋਣ ਡਿਊਟੀ ਪੂਰੀ ਤਨਦੇਹੀ, ਸ਼ਿੱਦਤ ਅਤੇ ਸਮਰਪਿਤ ਭਾਵਨਾ ਨਾਲ ਕਰਨ ਦਾ ਸੱਦਾ ਦਿੱਤਾ ਤਾਂ ਜੋ ਅਮਨ-ਅਮਾਨ ਨਾਲ ਚੋਣਾਂ ਕਰਵਾਈਆਂ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।