ਬੇਲੋੜ ਘਰੋਂ ਬਾਹਰ ਨਾ ਨਿਕਲਣ ਤੇ ਟੀਕਾਕਰਨ ਕਰਵਾਉਣ ਨਾਲ ਤੀਜ਼ੀ ਲਹਿਰ ਤੋਂ ਬਚਿਆ ਜਾ ਸਕਦਾ ਹੈ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਲੁਧਿਆਣਾ, 07 ਜੁਲਾਈ  2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੋਰੋਨਾ ਵਾਇਰਸ ਦੀ ਸੰਭਾਵਿਤ ਤੀਜ਼ੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਕਰਵਾਉਣ ਤੋਂ ਬਾਅਦ ਵੀ ਬਿਨ੍ਹਾਂ ਵਜ੍ਹਾ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣ ਕਰਨ।
ਡੀ.ਪੀ.ਆਰ.ਓ. ਲੁਧਿਆਣਾ ਦੇ ਅਧਿਕਾਰਤ ਪੇਜ਼ ‘ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿੱਚ ਲੁਧਿਆਣਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੀੜ ਤੋਂ ਬਚਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਮਾਸਕ ਪਾਉਣ, ਸਮਾਜਕ ਦੂਰੀ ਬਨਾਉਣ ਅਤੇ ਹੱਥਾਂ ਦੀ ਸਫਾਈ ਦੇ ਨਾਲ ਇਮਿਊਨਿਟੀ ਵਧਾਉਣ ਲਈ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਅਨੁਸਾਰ, ਸੰਭਾਵਿਤ ਤੀਜੀ ਲਹਿਰ ਲੋਕਾਂ ਦੁਆਰਾ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਕਰਕੇ ਦਸਤਕ ਦੇ ਸਕਦੀ ਹੈ, ਜੇਕਰ ਅਸੀਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹਾਂ ਅਤੇ ਜੀਵਨ ਬਚਾਉਣ ਵਾਲੀ ਵੈਕਸੀਨ ਲੈਂਦੇ ਹਾਂ, ਤਾਂ ਅਸੀਂ ਇਸ ਲਹਿਰ ਨੂੰ ਰੋਕ ਸਕਦੇ ਹਾਂ।
ਲੋਕਾਂ ਨੂੰ ਤੁਰੰਤ ਟੀਕਾਕਰਨ ਕਰਵਾਉਣ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਵੈਕਸੀਨ ਮਹਾਂਮਾਰੀ ਵਿਰੁੱਧ ਲੜਾਈ ਲਈ ਇਕ ਢਾਲ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲੁਧਿਆਣਾ ਜ਼ਿਲ੍ਹੇ ਲਈ 25 ਹਜ਼ਾਰ ਖੁਰਾਕਾਂ ਦਾ ਭੰਡਾਰ ਮੌਜੂਦ ਹੈ ਅਤੇ ਇਸ ਤੋਂ ਇਲਾਵਾ 178 ਟੀਕਾਕਾਨ ਕੈਂਪ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਟੀਕਾਕਰਨ ਪਸਾਰ ਲੜੀ ਨੂੰ ਤੋੜਨ ਲਈ ਮਹੱਤਵਪੂਰਨ ਹੈ ਅਤੇ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਲੋਕਾਂ ਦੀ ਜਲਦ ਕਵਰੇਜ਼ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ‘ਚ ਤੇਜ਼ੀ ਲਿਆਂਦੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਾਰੀ ਗਿਣਤੀ ਵਿਚ ਟੀਕਾਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ, ਵਿਸ਼ੇਸ਼ ਤੌਰ ‘ਤੇ ਕੈਂਪਾਂ ਵਿਚ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਕਵਰੇਜ਼ ਕੀਤੀ ਜਾ ਸਕੇ।

 

Spread the love