ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਸਮੇਂ ਸਮੇਂ ‘ਤੇ ਜਾਣੂ ਕਰਵਾਇਆ ਜਾਵੇ
ਕੈਂਪਾਂ ਬਾਰੇ ਅਗਾਊਂ ਜਾਣਕਾਰੀ ਸਬੰਧੀ ਪ੍ਰਚਾਰ ਕਰਨ ਲਈ ਵੀ ਕਿਹਾ
ਪਟਿਆਲਾ, 22 ਸਤੰਬਰ 2021
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਵਾਤਾਵਰਨ ਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਕੈਂਪ ਲਗਾਕੇ ਜਾਗਰੂਕਤਾ ਲਹਿਰ ਪੈਦਾ ਕਰੇ ਅਤੇ ਜਿਸ ਪਿੰਡ ਵਿੱਚ ਕੈਂਪ ਲਗਾਇਆ ਜਾਣਾ ਹੈ ਉਸ ਵਿੱਚ ਕੈਂਪ ਤੋਂ ਦੋ ਦਿਨਾਂ ਪਹਿਲਾਂ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਕਿਸਾਨ ਉਸ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਵਿਖੇ ਹੋਈ ਮੀਟਿੰਗ ਦੌਰਾਨ ਦਿੱਤੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪਿੰਡ ਪੱਧਰ ‘ਤੇ ਸਰਪੰਚਾਂ ਨੂੰ ਨਾਲ ਲੈਕੇ ਮੈਪਿੰਗ ਕੀਤੀ ਜਾਵੇ ਅਤੇ ਕਸਟਮ ਹਾਇਰਿੰਗ ਸੈਂਟਰਾਂ ਸਬੰਧੀ ਵੀ ਕਿਸਾਨਾਂ ਨੂੰ ਕੈਂਪਾਂ ਦੌਰਾਨ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਨਿਪਟਾਰੇ ਸਬੰਧੀ ਜਾਰੀ ਗਾਈਡਲਾਈਨਜ਼ ਸਬੰਧੀ ਵੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤੇ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਪਿੰਡਾਂ ‘ਚ ਪਰਾਲੀ ਨੂੰ ਅੱਗ ਲਗਾਉਣ ਦੀਆ ਘਟਨਾਵਾਂ ਜ਼ਿਆਦਾ ਸਾਹਮਣੇ ਆਈਆਂ ਸਨ, ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਡਾ. ਪ੍ਰੀਤੀ ਯਾਦਵ ਨੇ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਵੱਲੋਂ ਸੁਪਰ ਐਸ.ਐਮ.ਐਸ. ਲੱਗੀ ਕੰਬਾਇਨ ਨਾਲ ਹੀ ਕਟਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਰੋਜਾਨਾ ਰਿਪੋਰਟ ਦਿੱਤੀ ਜਾਵੇ ਤਾਂ ਲੋੜ ਅਨੁਸਾਰ ਇਸ ਵਿੱਚ ਸੁਧਾਰ ਕੀਤਾ ਜਾ ਸਕੇ।
ਇਸ ਮੌਕੇ ਐਸ.ਡੀ.ਐਮ ਪਾਤੜਾਂ ਅਕੁੰਰਦੀਪ ਸਿੰਘ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ ਸਮਾਣਾ ਸਵਾਤੀ ਟਿਵਾਣਾ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ , ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ, ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਹੋਰ ਪੜ੍ਹੋ :-ਅੱਗ ਲਗਾਉਣ ਦੀ ਬਜਾਏ ਪਰਾਲੀ ਨੂੰ ਕਿਸਾਨ ਆਮਦਨ ਦਾ ਸਾਧਨ ਬਣਾਉਣ : ਡਾ. ਆਦਰਸ਼ ਪਾਲ ਵਿੱਗ
ਕੈਪਸ਼ਨ : ਏ.ਡੀ.ਸੀ. ਡਾ. ਪ੍ਰੀਤੀ ਯਾਦਵ ਝੋਨੇ ਦੀ ਪਰਾਲੀ ਦੇ ਨਿਪਟਾਰੇ ਸਬੰਧੀ ਜਾਰੀ ਹਦਾਇਤਾ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਉਂਦੇ ਹੋੲੋ।