
ਜਾਅਲੀ ਬਿਲਿੰਗ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਆਸ਼ੂ
ਖੰਨਾ/ਲੁਧਿਆਣਾ, 03 ਅਕਤੂਬਰ 2021
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਉਦਯੋਗ ਮੰਤਰੀ ਸ.ਗੁਰਕੀਰਤ ਸਿੰਘ ਕੋਟਲੀ ਵੱਲੋਂ ਅੱਜ ਖੰਨਾ ਵਿਖੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕੀਤੀ।
ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ ਅਤੇ ਬਿਨਾਂ ਕਿਸੇ ਦੇਰੀ ਦੇ ਚੁੱਕਿਆ ਜਾਵੇ। ਉਨ੍ਹਾਂ ਸਾਰੇ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਉਪਜ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ।
ਉਨ੍ਹਾਂ ਨੇ ਕਿਹਾ ਕਿ ਮੀਂਹ ਜਾਂ ਬਾਰਸ਼ ਤੋਂ ਉਪਜ ਨੂੰ ਬਚਾਉਣ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ. ਇਸ ਤੋਂ ਇਲਾਵਾ, ਹਰੇਕ ਖਰੀਦ ਕੇਂਦਰ ਵਿੱਚ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਉਪਕਰਣ ਵੀ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਲਗਭਗ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਤਕਰੀਬਨ 17.53 ਲੱਖ ਮੀਟਰਕ ਟਨ ਝੋਨੇ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 108 ਨਿਯਮਤ ਅਨਾਜ ਮੰਡੀਆਂ ਤੋਂ ਇਲਾਵਾ, 94 ਪ੍ਰਸ਼ਾਸ਼ਨ ਵੱਲੋਂ ਸੰਚਾਲਨ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਤੋਂ ਬਚਣ ਲਈ ਮਿੱਲਾਂ ਵਿੱਚ 94 ਅਸਥਾਈ ਯਾਰਡ ਅਤੇ 203 ਮੰਡੀ ਯਾਰਡ ਵੀ ਨਿਸ਼ਾਨਬੱਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਚੁੱਕਣ ਲਈ ਪਹਿਲਾਂ ਹੀ ਇੱਕ ਢੁੱਕਵੀ ਵਿਧੀ ਵਿਕਸਤ ਕਰ ਲਈ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਹ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਧੰਨਵਾਦ ਕੀਤਾ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਤੋਂ ਖਰੀਦ ਦੀ ਇਜਾਜ਼ਤ ਦਿੱਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਤੋਂ ਇਲਾਵਾ ਮੁਸ਼ਿਕਲ ਰਹਿਤ, ਸੁਚਾਰੂ ਅਤੇ ਤੁਰੰਤ ਖਰੀਦ ਅਤੇ ਅਨਾਜ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ ਜਾਅਲੀ ਬਿਲਿੰਗ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਮਾਰਕੀਟ ਕਮੇਟੀ ਖੰਨਾ ਦੇ ਦਫਤਰ ਵਿੱਚ ਆੜ੍ਹਤੀਆਂ ਨਾਲ ਮੀਟਿੰਗ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਐਸ.ਡੀ.ਐਮ. ਮਨਜੀਤ ਕੌਰ, ਡੀ.ਐਫ.ਐਸ.ਸੀ. ਹਰਵੀਨ ਕੌਰ ਤੋਂ ਇਲਾਵਾ ਕਈ ਹੋਰ ਵੀ ਹਾਜ਼ਰ ਸਨ।