ਕਿਹਾ, ਪ੍ਰਸ਼ਾਸਨ ਵੱਲੋਂ 215411 ਘਰਾਂ ਨੂੰ ਕਾਰਜਸ਼ੀਲ ਟੂਟੀਆਂ ਵਾਲੇ ਪਾਣੀ ਕੁਨੈਕਸ਼ਨਾਂ ਨਾਲ ਜੋੜਿਆ ਗਿਆ
ਸੌ ਫੀਸਦੀ ਟੀਚਾ ਪ੍ਰਾਪਤ ਕਰਨ ਵਾਲੇ ਪਿੰਡਾਂ ਦੀ ਵੈਰੀਫਿਕੇਸ਼ਨ ਸ਼ੁਰੂ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ
ਜਲੰਧਰ, 13 ਅਕਤੂਬਰ 2021
ਸਾਰੇ ਪੇਂਡੂ ਘਰਾਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਦਸੰਬਰ ਦੇ ਅੰਤ ਤੱਕ ਜ਼ਿਲ੍ਹਾ ਜਲੰਧਰ ਦੇ ਸਮੂਹ ਪਿੰਡਾਂ ਵਿੱਚ ਸੌ ਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨ ਮੁਹੱਈਆ ਕਰਵਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ, ਪੰਜਾਬ ਸ਼੍ਰੀ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵਰਚੂਅਲ ਮੀਟਿੰਗ, ਜਿਸ ਵਿੱਚ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸ਼੍ਰੀਮਤੀ ਜਸਪ੍ਰੀਤ ਤਲਵਾੜ ਅਤੇ ਮੁਖੀ-ਕਮ-ਵਧੀਕ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ਼੍ਰੀ ਅਮਿਤ ਤਲਵਾੜ ਵੀ ਮੌਜੂਦ ਸਨ, ਵਿੱਚ ਭਾਗ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਜ਼ਿਲ੍ਹੇ ਵਿੱਚ 215411 ਘਰਾਂ ਨੂੰ ਕਾਰਜਸ਼ੀਲ ਟੂਟੀਆਂ ਵਾਲੇ ਪਾਣੀ ਕੁਨੈਕਸ਼ਨਾਂ ਨਾਲ ਸਫ਼ਲਤਾਪੂਰਵਕ ਜੋੜਿਆ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜਲੰਧਰ ਦੇ ਪੇਂਡੂ ਖੇਤਰ ਵਿੱਚ ਕੁੱਲ 223400 ਪਰਿਵਾਰ ਹਨ, ਜਿਨ੍ਹਾਂ ਵਿੱਚੋਂ 215411 ਨੂੰ ਪਹਿਲਾਂ ਹੀ ਕਵਰ ਕੀਤਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰੇਕ ਘਰ ਵਿੱਚ ਕਾਰਜਸ਼ੀਲ ਟੂਟੀ ਵਾਲੇ ਪਾਣੀ ਦਾ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋ ਸਕੇ।
ਸ਼੍ਰੀ ਥੋਰੀ ਨੇ ਦੱਸਿਆ ਕਿ ਸੌ ਫੀਸਦੀ ਟੀਚਾ ਪ੍ਰਾਪਤ ਕਰਨ ਵਾਲੇ ਪਿੰਡਾਂ ਵਿੱਚ ਪ੍ਰੋਟੋਕਾਲ ਅਨੁਸਾਰ ਵੈਰੀਫਿਕੇਸ਼ਨ ਸ਼ੁਰੂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਸਬੰਧੀ ਵੈਰੀਫਿਕੇਸ਼ਨ ਦੌਰਾਨ ਗ੍ਰਾਮ ਪੰਚਾਇਤ ਵੱਲੋਂ ਮਹਿਕਮਾ ਜਲ ਸਪਲਾਈ ਅਤੇ ਸੈਨੀਟੇਸ਼ਨ ਦਾ ਸਹਿਯੋਗ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਸਰਕਲ ਜਲੰਧਰ ਨਰਿੰਦਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪੇਂਡੂ ਪਰਿਵਾਰਾਂ ਨੂੰ ਸੌਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨਾਂ ਮੁਹੱਈਆ ਕਰਵਾਉਣ ਲਈ 31.12.2021 ਤੱਕ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚੋਂ 96 ਪ੍ਰਤੀਸ਼ਤ ਟੀਚਾ ਪਹਿਲਾਂ ਹੀ ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 4 ਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨਾਂ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ, ਜੋ ਕਿ ਨਿਰਧਾਰਿਤ ਸਮੇਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਿਤਿਨ ਕਾਲੀਆ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਵਾਟਰ ਅਫ਼ਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ.2, ਜਲੰਧਰ, ਸੁਖਪਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਅਤੇ ਗਗਨਦੀਪ ਸਿੰਘ ਵਾਲੀਆ, ਉਪ ਮੰਡਲ ਇੰਜੀਨੀਅਰ ਵੀ ਮੌਜੂਦ ਸਨ।