ਲੁਧਿਆਣਾ ਕਚਿਹਰੀ ਧਮਾਕਾ ਮਾਮਲੇ ਦੀ ਕੇਂਦਰ ਤੇ ਸੂਬਾ ਸਰਕਾਰ ਸਾਂਝੇ ਤੌਰ ‘ਤੇ ਕਰ ਰਹੇ ਹਨ ਜਾਂਚ – ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਿਰਨ ਰਿਜਿਜੂ

KIRAN RIJIJU
ਲੁਧਿਆਣਾ ਕਚਿਹਰੀ ਧਮਾਕਾ ਮਾਮਲੇ ਦੀ ਕੇਂਦਰ ਤੇ ਸੂਬਾ ਸਰਕਾਰ ਸਾਂਝੇ ਤੌਰ 'ਤੇ ਕਰ ਰਹੇ ਹਨ ਜਾਂਚ - ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਿਰਨ ਰਿਜਿਜੂ
ਧਮਾਕੇ ਵਾਲੀ ਥਾਂ ਦਾ ਕੀਤਾ ਦੌਰਾ, ਹਸਪਤਾਲ ਜਾ ਕੇ ਜ਼ਖਮੀਆਂ ਦੀ ਲਈ ਸਾਰ ਤੇ ਵਕੀਲਾਂ ਨਾਲ ਵੀ ਕੀਤੀ ਗੱਲਬਾਤ
ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਿਜੇ ਸਾਂਪਲਾ ਵੀ ਨਾਲ ਮੌਜੂਦ ਰਹੇ

ਲੁਧਿਆਣਾ, 24 ਦਸੰਬਰ 2021

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ੍ਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਕੱਲ੍ਹ ਦੁਪਹਿਰ 12:22 ਵਜੇ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਸਾਂਝੇ ਤੌਰ ‘ਤੇ ਜਾਂਚ ਕਰ ਰਹੀ ਹੈ।

ਹੋਰ ਪੜ੍ਹੋ :-ਪ੍ਰਧਾਨ ਮੰਤਰੀ ਇੰਮਪਲਾਈਮੈਂਟ ਜਨਰੇਸ਼ਨ ਪ੍ਰੋਗਰਾਮ ਸਕੀਮ ਅਧੀਨ ਕਰਜਾ ਪ੍ਰਾਪਤ ਕਰਨ ਲਈ 27 ਦਸਬੰਰ ਨੂੰ ਲਗਇਆ ਜਾਵੇਗਾ ਜਾਗਰੂਕਤਾ ਕੈਂਪ

ਅੱਜ ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਸ੍ਰੀ ਕਿਰਨ ਰਿਜਿਜੂ ਨੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਸਮੁੱਚੀ ਘਟਨਾ ਦੀ ਜਾਣਕਾਰੀ ਲਈ।

ਬਾਅਦ ਵਿੱਚ ਉਨ੍ਹਾਂ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਅਤੇ ਹੋਰ ਜੱਜਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਵਕੀਲਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀ ਫੀਡਬੈਕ ਲਈ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਉਨ੍ਹਾਂ ਦੇ ਨਾਲ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਅਤੇ ਅਨੁਸੂਚਿਤ ਜਾਤੀ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਅੱਜ ਸਥਾਨਕ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕਿਰਨ ਰਿਜਿਜੂ ਨੇ ਕਿਹਾ ਕਿ ਕੇਂਦਰ ਸਰਕਾਰ ਲੁਧਿਆਣਾ ਕਚਹਿਰੀ ਬੰਬ ਧਮਾਕਾ ਕੇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਸ ਪ੍ਰਤੀ ਚਿੰਤਾ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਨਿੱਜੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਅਤੇ ਪੇਸ਼ੇਵਰ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰ ਲਈ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਚੱਲ ਰਹੀ ਜਾਂਚ ਦੇ ਤਕਨੀਕੀ ਵੇਰਵਿਆਂ ਵਿੱਚ ਨਹੀਂ ਜਾਣਗੇ, ਜੋ ਕਿ ਸਾਰੀਆਂ ਏਜੰਸੀਆਂ ਦੁਆਰਾ ਕੀਤੀ ਜਾ ਰਹੀ ਹੈ, ਪਰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇਸ ਕੇਸ ਨੂੰ ਸੁਲਝਾ ਲੈਣਗੇ। ਉਨ੍ਹਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਇਸ ਮੰਦਭਾਗੀ ਘਟਨਾ ਤੋਂ ਬਾਅਦ ਵੀ ਅਦਾਲਤ ਦੇ ਕੰਮ ਵਿੱਚ ਵਿਘਨ ਨਹੀਂ ਪੈਣ ਦਿੱਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮੁੱਖ ਉਦੇਸ਼ ਲੁਧਿਆਣਾ ਵਾਸੀਆਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਇਹ ਵਿਸ਼ਵਾਸ ਜਗਾਉਣਾ ਹੈ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਨੱਥ ਪਾਉਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਮਿਲ ਕੇ ਕੰਮ ਕਰਨਗੇ।

ਜਿਕਰਯੋਗ ਹੈ ਕਿ ਕੱਲ੍ਹ (23 ਦਸੰਬਰ, 2021) ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਇੱਕ ਮਰਦਾਨਾ ਪਖਾਨਿਆਂ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗੲ ਸਨ.

ਜ਼ਖਮੀਆਂ ਦੇ ਨਾਂ ਇਸ ਤਰ੍ਹਾਂ ਹਨ: ਸੰਦੀਪ ਕੌਰ (31) ਵਾਸੀ ਰਾਏਕੋਟ (ਲੁਧਿਆਣਾ), ਸ਼ਰਨਜੀਤ ਕੌਰ (25) ਵਾਸੀ ਜਮਾਲਪੁਰ ਲੁਧਿਆਣਾ। ਦੋਵੇਂ ਸਿਵਲ ਹਸਪਤਾਲ ਲੁਧਿਆਣਾ ਵਿੱਚ ਜ਼ੇਰੇ ਇਲਾਜ ਹਨ। ਮਨੀਸ਼ ਕੁਮਾਰ (32) ਵਾਸੀ ਪੁਲਿਸ ਕਲੋਨੀ ਜਮਾਲਪੁਰ ਲੁਧਿਆਣਾ ਦਾ ਸੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ, ਕੁਲਦੀਪ ਸਿੰਘ ਮੰਡ (50) ਵਾਸੀ ਬਿੰਦਰਾਬਨ ਰੋਡ ਲੁਧਿਆਣਾ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਕ੍ਰਿਸ਼ਨ ਖੰਨਾ (75) ਵਾਸੀ ਫੇਜ਼ 1 ਦੁੱਗਰੀ ਦਾ ਵੀ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ,  ਗੁਰਪ੍ਰੀਤ ਕੌਰ (35) ਵਾਸੀ ਜਮਾਲਪੁਰ ਦਾ ਸਥਾਨਕ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸ਼ੁਕਰ ਹੈ ਕਿ ਸਾਰੇ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਤੇਜ਼ੀ ਨਾਲ ਠੀਕ ਹੋ ਰਹੇ ਹਨ।

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਸ਼ਹਿਰ ਦੇ ਦੌਰੇ ਦੌਰਾਨ ਸਾਰੇ 6 ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਸੀ।

Spread the love