ਸੰਸਦ ਮੈਂਬਰ ਸੰਜੀਵ ਅਰੋੜਾ ਦੁਆਰਾ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਸਰਕਾਰ ਦੇ, ਮੁੱਖ ਮੰਤਰੀ ਨੂੰ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਬਰਾਬਰ ਯੋਗਦਾਨ ਪਾਉਣ ਦਾ ਭਰੋਸਾ

ਸੰਸਦ ਮੈਂਬਰ ਸੰਜੀਵ ਅਰੋੜਾ ਦੁਆਰਾ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਸਰਕਾਰ ਦੇ, ਮੁੱਖ ਮੰਤਰੀ ਨੂੰ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਬਰਾਬਰ ਯੋਗਦਾਨ ਪਾਉਣ ਦਾ ਭਰੋਸਾ

ਲੁਧਿਆਣਾ, 15 ਅਕਤੂਬਰ:

ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਉਸਾਰੂ ਚਰਚਾ ਕੀਤੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਦੱਸਣਯੋਗ ਹੈ ਕਿ ਇਹ ਟਰੱਸਟ ਗਰੀਬ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਚਲਾਇਆ ਜਾ ਰਿਹਾ ਹੈ ।

ਸ੍ਰੀ ਅਰੋੜਾ ਨੇ ਵਾਅਦਾ ਕੀਤਾ ਕਿ ਟਰੱਸਟ ਵੱਲੋਂ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਦੇ ਬਰਾਬਰ ਯੋਗਦਾਨ ਪਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਪ੍ਰਤੀ ਮਰੀਜ਼ ਦਿੱਤੀ ਜਾ ਰਹੀ 1.5 ਲੱਖ ਰੁਪਏ ਦੀ ਸਹਾਇਤਾ ਤੋਂ ਇਲਾਵਾ ਟਰੱਸਟ ਵੱਲੋਂ ਪ੍ਰਤੀ ਮਰੀਜ਼  ਇੰਨੀ ਹੀ ਰਾਸ਼ੀ ਦਾ ਯੋਗਦਾਨ ਪਾਇਆ ਜਾਵੇਗਾ ਅਤੇ ਟਰੱਸਟ ਵੱਲੋਂ ਇਸ ਨੇਕ ਕਾਰਜ ਲਈ ਸਾਲਾਨਾ ਘੱਟੋ-ਘੱਟ 100 ਮਰੀਜ਼ਾਂ ਦੀ ਦੇਖਭਾਲ ਕੀਤੀ ਜਾਵੇਗੀ।
ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਬਿਮਾਰੀ ਨਾਲ ਲੜਨ ਅਤੇ ਸੂਬੇ ਵਿੱਚ ਕੈਂਸਰ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਮੇਰੇ ਪਰਿਵਾਰ ਵੱਲੋਂ ਇਸਨੂੰ ਯੋਗਦਾਨ ਮੰਨਿਆ ਜਾ ਸਕਦਾ ਹੈ।

ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ 2005 ਵਿੱਚ ਸ੍ਰੀ ਸੰਜੀਵ ਅਰੋੜਾ ਦੇ ਮਾਤਾ-ਪਿਤਾ ਦੀ ਯਾਦ ਵਿੱਚ ਬਣਾਇਆ ਗਿਆ ਸੀ। ਸ੍ਰੀ ਅਰੋੜਾ ਦੇ ਮਾਤਾ ਕ੍ਰਿਸ਼ਨਾ ਅਰੋੜਾ ਇਸ ਜਾਨਲੇਵਾ ਬਿਮਾਰੀ ਦਾ ਦੇਰ ਨਾਲ ਪਤਾ ਲੱਗਣ ਕਾਰਨ ਘੱਟ ਉਮਰ ਵਿੱਚ ਹੀ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਇਸ ਟਰੱਸਟ ਨੂੰ ਬਣਾਉਣ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਇਸ ਜਾਨਲੇਵਾ ਬਿਮਾਰੀ ਬਾਰੇ ਜਾਗਰੂਕ ਕਰਨਾ ਅਤੇ ਇਸ ਬਿਮਾਰੀ ਤੋਂ ਪੀੜਤ ਗਰੀਬ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨਾ ਸੀ।

ਟਰੱਸਟ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਟਰੱਸਟ ਵੱਲੋਂ ਕੈਂਸਰ ਦੇ 178 ਮਰੀਜ਼ਾਂ ਦਾ ਮੁਫ਼ਤ ਇਲਾਜ ਵੀ ਕਰਵਾਇਆ ਗਿਆ ਹੈ। ਮੁਫ਼ਤ ਇਲਾਜ ਵਿੱਚ ਲੋੜ ਪੈਣ ‘ਤੇ ਸਰਜਰੀ ਅਤੇ ਮਰੀਜ਼ ਨੂੰ ਸਾਰੀਆਂ ਦਵਾਈਆਂ ਦੇਣਾ ਵੀ ਸ਼ਾਮਲ ਹੈ।

ਮੁੱਖ ਮੰਤਰੀ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਵਧੇਰੇ ਸਹਾਈ ਸਿੱਧ ਹੋਵੇਗਾ।

Spread the love