ਨਵਾਂਸ਼ਹਿਰ, 27 ਅਕਤੂਬਰ 2021
ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਜ਼ਿਲ੍ਹੇ ਦੀਆਂ ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਸਕੈਨ ਸੈਂਟਰਾਂ ਦੇ ਗਾਇਨਾਕੋਲੋਜਿਸਟਾਂ ਅਤੇ ਰੇਡੀਓਲੋਜਿਸਟਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹੇ ਵਿਚ ਭਰੂਣ ਹੱਤਿਆ ਨੂੰ ਜੜ੍ਹੋਂ ਖਤਮ ਕਰਨ ਲਈ ਪੀ.ਸੀ.ਪੀ.ਐਨ.ਡੀ.ਟੀ. ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ।
ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੈਨਿੰਗ ਸੈਂਟਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਗਰਭਪਾਤ ਦੇ ਕਿਸੇ ਵੀ ਕੇਸ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਸਕੈਨ ਸੈਂਟਰਾਂ ਦੇ ਗਾਇਨਾਕੋਲੋਜਿਸਟਾਂ ਅਤੇ ਰੇਡੀਓਲੋਜਿਸਟਾਂ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਦੇ ਇਲਾਜ ਸਬੰਧੀ ਮੁਕੰਮਲ ਰਿਕਾਰਡ ਸੰਭਾਲ ਕੇ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਨੂੰ ਅੰਜਾਮ ਨਾ ਦਿੱਤਾ ਜਾਵੇ। ਜੋ ਵੀ ਪੀ.ਸੀ.ਪੀ.ਐਨ.ਡੀ.ਟੀ. ਐਕਟ ਐਕਟ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ, ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਸੁਹਿਰਦਤਾ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਭਰੂਣ ਹੱਤਿਆ ਦੀ ਰੋਕਥਾਮ ਲਈ ਸਿਹਤ ਵਿਭਾਗ ਠੋਸ ਕਦਮ ਉਠਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਵੀ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ ‘ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਵੀ ਹੋਰ ਸਖਤੀ ਕਾਰਵਾਈ ਕਰਨ ਦੀ ਲੋੜ ਹੈ।