ਕੋਵਿਡ ਦੀ ਤੀਜੀ ਲਹਿਰ ਦੇ ਮੁਕਾਬਲੇ ਲਈ ਤਿਆਰੀਆਂ ਵਜੋਂ ਸਿਵਲ ਸਰਜਨ ਵੱਲੋਂ ਢਕੋਲੀ ਦੇ ਹਸਪਤਾਲ ਵਿੱਚ ਸਥਾਪਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਦਾ ਜਾਇਜ਼ਾ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮੈਡੀਕਲ ਆਕਸੀਜਨ ਦੀ ਬਿਲਕੁਲ ਵੀ ਘਾਟ ਨਹੀਂ ਰਹਿਣ ਦਿਤੀ ਜਾਵੇਗੀ: ਸਿਵਲ ਸਰਜਨ
ਹਸਪਤਾਲ ਵਿਚ ਗੰਭੀਰ ਮਰੀਜ਼ਾਂ ਲਈ ਕੋਵਿਡ ਕੇਅਰ ਸੈਂਟਰ ਬਣਾਉਣ ਦਾ ਕੰਮ ਜਾਰੀ: ਡਾ. ਆਦਰਸ਼ਪਾਲ ਕੌਰ
ਐਸ.ਏ.ਐਸ. ਨਗਰ, 22 ਜੁਲਾਈ 2021
‘ਕੋਰੋਨਾ ਵਾਇਰਸ’ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਮੁਕਾਬਲੇ ਵਾਸਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ ਢਕੋਲੀ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਪੀਐਸਏ ਮੈਡੀਕਲ ਆਕਸੀਜਨ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਜਿਵੇਂ ਚੋਟੀ ਦੇ ਸਿਹਤ ਮਾਹਰਾਂ ਨੇ ਤੀਜੀ ਲਹਿਰ ਬਾਰੇ ਖ਼ਦਸ਼ਾ ਪ੍ਰਗਟਾਇਆ ਹੈ, ਉਸ ਨੂੰ ਵੇਖਦਿਆਂ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰੈਸ਼ਰ ਸਵਿੰਗ ਐਡਜ਼ੌਰਪਸ਼ਨ (ਪੀਐਸਏ) ਆਕਸੀਜਨ ਪਲਾਂਟ ਸਥਾਪਤ ਕਰਨ ਲਈ ਇਕ ਫ਼ਰਮ ਵੱਲੋਂ ਮਸ਼ੀਨਰੀ ਦਾਨ ਕੀਤੀ ਗਈ ਹੈ ਅਤੇ ਸਿਹਤ ਵਿਭਾਗ ਵੱਲੋਂ ਮਸ਼ੀਨਰੀ ਫ਼ਿੱਟ ਕਰਕੇ ਇਹ ਪਲਾਂਟ ਇਕ ਮਹੀਨੇ ਅੰਦਰ ਚਾਲੂ ਕਰ ਦਿੱਤਾ ਜਾਵੇਗਾ। ਇਸ ਪਲਾਂਟ ਵਿੱਚ ਮੈਡੀਕਲ ਆਕਸੀਜਨ ਸਿਲੰਡਰ ਵੀ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਲਾਂਟ ਲੱਗਣ ਨਾਲ ਮਰੀਜ਼ਾਂ ਵਾਸਤੇ ਮੈਡੀਕਲ ਆਕਸੀਜਨ ਦੀ ਕੋਈ ਘਾਟ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ ਕੋਵਿਡ ਕੇਅਰ ਸੈਂਟਰ ਲੈਵਲ-2 ਵੀ ਬਣਾਇਆ ਜਾ ਰਿਹਾ ਹੈ ਤਾਂ ਕਿ ਇਲਾਕੇ ਦੇ ਗੰਭੀਰ ਕੋਵਿਡ ਮਰੀਜ਼ਾਂ ਦਾ ਇੱਥੇ ਹੀ ਇਲਾਜ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਭਾਵੇਂ ਇਸ ਸਮੇਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਘਾਟ ਨਹੀਂ ਪਰ ਉਨ੍ਹਾਂ ਦੀ ਪੁਰਜ਼ੋਰ ਕੋਸ਼ਿਸ਼ ਹੈ ਕਿ ਸਥਿਤੀ ਗੰਭੀਰ ਹੋਣ ਦੀ ਹਾਲਤ ਵਿੱਚ ਵੀ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਾਖ਼ਲ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੀ ਕੋਈ ਘਾਟ ਨਾ ਰਹੇ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਵੀ ਦੌਰਾ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਡਾ. ਆਦਰਸ਼ਪਾਲ ਨੇ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਦੇ ਪਾਜ਼ੇਟਿਵ ਕੇਸ ਕਾਫ਼ੀ ਘਟ ਗਏ ਹਨ ਪਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਹਾਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰੰਘ ਦੀ ਸੁਚੱਜੀ ਸੇਧ ਹੇਠ ਕੰਮ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਕੋਵਿਡ ਮਹਾਂਮਾਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੋਵਿਡ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਦੇ ਟੀਕਾਕਰਨ ਦਾ ਕੰਮ ਵੀ ਜ਼ਿਲ੍ਹੇ ਵਿੱਚ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਖ਼ਾਸਕਰ ਬਜ਼ੁਰਗ ਹਾਲੇ ਵੀ ਟੀਕਾਕਰਨ ਤੋਂ ਵਾਂਝੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਆਪਣੇ ਲਾਗਲੇ ਸਿਹਤ ਕੇਂਦਰ ਵਿੱਚ ਜਾ ਕੇ ਟੀਕਾ ਲਗਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰਕੇ ਟੀਕਾਕਰਨ ਕਰਵਾਉਣ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਦਵਾਈ ਦੀ ਕੋਈ ਘਾਟ ਨਹੀਂ ਅਤੇ 18 ਸਾਲ ਤੋਂ ਉਪਰਲੇ ਸਾਰੇ ਵਿਅਕਤੀਆਂ ਨੂੰ ਟੀਕਾ ਲਗਵਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣਾ ਵੀ ਜ਼ਰੂਰੀ ਹੈ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਇਸ ਮੌਕੇ ਨੋਡਲ ਅਫ਼ਸਰ ਡਾ. ਹਰਲੀਨ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ: ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਸਿਹਤ ਅਧਿਕਾਰੀ ਆਕਸੀਜਨ ਪਲਾਂਟ ਲਈ ਆਈ ਮਸ਼ੀਨਰੀ ਦਾ ਜਾਇਜ਼ਾ ਲੈਂਦੇ ਹੋਏ।

Spread the love