ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਔਰਤਾਂ ਲਈ ਇਕ ਤਿਹਾਈ ਆਸਾਮੀਆਂ ਰਾਖਵੀਆਂ ਰੱਖਣਾ ਯਕੀਨੀ ਬਣਾਉਣ ਲਈ ਕਿਹਾ

 

ਚੰਡੀਗੜ੍ਹ, 29 ਅਕਤੂਬਰ:

 

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਤਹਿਤ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਧੀਨ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਿਹਾ ਹੈ।

 

ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਡਿਵੀਜ਼ਨਲ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮੂਹ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਖ਼ਾਲੀ ਆਸਾਮੀਆਂ ਦੀ ਅਗਲੀ ਭਰਤੀ ਪ੍ਰਕਿਰਿਆ ਵਿੱਚ ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਪੱਤਰ ਵਿੱਚ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਦੀ ਕਾਪੀ ਵੀ ਭੇਜੀ ਹੈ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਿੰਗਕ ਬਰਾਬਰੀ ਵਾਲਾ ਮਾਹੌਲ ਸਿਰਜਣ ਅਤੇ ਔਰਤਾਂ ਲਈ ਰੋਜ਼ਗਾਰ ਦੇ ਵੱਧ ਮੌਕੇ ਪੈਦਾ ਕਰਨ ਲਈ ਉਨ੍ਹਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਫ਼ੈਸਲਾ ਹੈ। ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਨਾਲ ਸਾਰੀਆਂ ਸਰਕਾਰੀ, ਬੋਰਡਾਂ ਤੇ ਕਾਰਪੋਰੇਸ਼ਨਾਂ ਦੀਆਂ ਗਰੁੱਪ ਏ, ਬੀ, ਸੀ ਤੇ ਡੀ ਦੀਆਂ ਆਸਾਮੀਆਂ ਦੀ ਸਿੱਧੀ ਭਰਤੀ ਵਿੱਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਮਿਲੇਗਾ।
Spread the love