ਡੀ.ਏ.ਪੀ. ਖਾਦ ਦੀ ਵੰਡ ਸਬੰਧੀ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ : ਗਰੇਵਾਲ

JASWINDERPAL SINGH
ਡੀ.ਏ.ਪੀ. ਖਾਦ ਦੀ ਵੰਡ ਸਬੰਧੀ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ : ਗਰੇਵਾਲ

ਪਟਿਆਲਾ, 12 ਨਵੰਬਰ 2021

ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡੀ.ਏ.ਪੀ. ਖਾਦ ਦੀ ਨਿਰੰਤਰ ਸਪਲਾਈ ਅਤੇ ਸੁਚੱਜੀ ਵੰਡ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਵੱਲੋਂ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ ਲੋੜੀਂਦੇ ਯਤਨ ਕੀਤੇ ਜਾਣ। ਛੋਟੇ ਤੇ ਸੀਮਾਂਤ ਕਿਸਾਨਾਂ ਦਾ ਖਾਸ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਡੀ.ਏ.ਪੀ. ਮੁਹੱਈਆ ਕਰਵਾਈ ਜਾਵੇ ਅਤੇ ਵੰਡ ਕਰਦੇ ਸਮੇਂ 5-5 ਬੈਗ ਹੀ ਇੱਕ ਸਮੇਂ ਪ੍ਰਤੀ ਕਿਸਾਨ ਨੂੰ ਦਿੱਤੇ ਜਾਣ।

ਹੋਰ ਪੜ੍ਹੋ :-‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਡਾ: ਗਰੇਵਾਲ ਨੇ ਦੱਸਿਆ ਕਿ ਡੀ.ਏ.ਪੀ. ਖਾਦ ਡੀਲਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ ਧਿਆਨ ਦਿੱਤਾ ਜਾ ਰਿਹਾ ਹੈ ਕਿ ਡੀ.ਏ.ਪੀ. ਖਾਦ ਨਾਲ ਕਿਸੇ ਤਰ੍ਹਾਂ ਦੀ ਬੇਲੋੜੀ ਵਸਤੂ ਨਾ ਟੈਗ ਕੀਤੀ ਜਾਵੇ ਅਤੇ ਉਲੰਘਣਾ ਕਰਨ ਵਾਲੇ ਖਿਲਾਫ ਖਾਦ ਕੰਟਰੋਲ ਆਰਡਰ 1985 ਤਹਿਤ ਬਣਦੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਏਗੀ।

ਇਸ ਤੋਂ ਇਲਾਵਾ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਸਬੰਧੀ ਅਤੇ ਡੀ.ਏ.ਪੀ. ਦੀ ਬਦਲਵੀਂਆਂ ਖਾਦਾਂ ਜਿਵੇਂ ਸਿੰਗਲ ਸੁਪਰਫਾਸਫੇਟ, ਐਨ.ਪੀ.ਕੇ ਦੀਆਂ ਵੱਖ-ਵੱਖ ਤਾਕਤਾਂ ਵਾਲੀਆਂ ਖਾਦਾਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਹੀ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਜਾਵੇ ਅਤੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਤੋਂ ਇਲਾਵਾ ਉਪਲਬਧ ਬਦਲਵੀਂਆਂ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾਵੇ।

Spread the love