ਸਹਾਇਤਾ ਲਈ 24 ਘੰਟੇ, 0161-2403111 ‘ਤੇ ਕੀਤਾ ਜਾ ਸਕਦਾ ਹੈ ਸੰਪਰਕ
ਪ੍ਰਸ਼ਾਸ਼ਨ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤਿਆਰ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ, 21 ਮਈ,2021 ਪੇਂਡੂ ਖੇਤਰਾਂ ਵਿੱਚ ਕੋਵਿਡ-19 ਮਹਾਂਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ‘ਤੇ ਤੁਰੰਤ ਕਾਬੂ ਪਾਉਣ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਕ ਵਿਖੇ 24 ਘੰਟੇ 7 ਦਿਨ ਸਮਰਪਿਤ ਕੋਵਿਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿੱਥੇ ਪਿੰਡਾਂ ਦੇ ਵਸਨੀਕਾਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਇਕ ਵਿਸ਼ੇਸ਼ ਹੈਲਪਲਾਈਨ ਨੰਬਰ 0161-2403111 ਦੀ ਵੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੰਟਰੋਲ ਰੂਮ ਅਤੇ ਹੈਲਪਲਾਈਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਕੰਟਰੋਲ ਰੂਮ ਪੇਂਡੂ ਆਬਾਦੀ ਲਈ ਪੂਰੀ ਤਰ੍ਹਾਂ ਸਮਰਪਿਤ ਭਾਵ ਨਾਲ ਕੰਮ ਕਰੇਗਾ ਅਤੇ ਪਿੰਡਾਂ ਦੇ ਵਸਨੀਕ ਕੋਵਿਡ-19 ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਜਾਂ ਪੁੱਛਗਿੱਛ ਲਈ 0161-2403111 ‘ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ ਅਤੇ ਹੈਲਪਲਾਈਨ ਹਫਤੇ ਦੇ ਸੱਤ ਦਿਨ, 24 ਘੰਟੇ ਚਾਲੂ ਰਹੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਰੂਮ ਨੂੰ ਤੁਰੰਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਡਾਕਟਰਾਂ, ਕੌਂਸਲਰਾਂ, ਅਧਿਆਪਕਾਂ ਅਤੇ ਨੌਜਵਾਨਾਂ ਦੀ ਟੀਮ ਨੂੰ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਤੋਂ ਸਥਾਪਤ ਕੀਤੇ ਕਾਰਜਸ਼ੀਲ ਕੰਟਰੋਲ ਰੂਮ ਦਾ ਵਿਸਥਾਰ ਹੈ ਜੋ ਕੋਵਿਡ-19 ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਦਾ ਹੈ, ਜਿਸ ਵਿੱਚ ਬੈਡ ਦੀ ਉਪਲੱਬਧਤਾ, ਹਸਪਤਾਲਾਂ ਵਿੱਚ ਆਕਸੀਜਨ ਸਹਾਇਤਾ, ਸਲਾਹ, ਫਤਿਹ ਕਿੱਟਾਂ, ਰਾਸ਼ਨ ਸਹਾਇਤਾ ਅਤੇ ਹੋਰ ਸ਼ਾਮਲ ਹਨ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ19 ਮਹਾਂਮਾਰੀ ਕਾਰਨ ਪੈਦਾ ਹੋਣ ਵਾਲੀਆਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਕਸੀਜਨ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਸਮੇਤ ਸਰੋਤਾਂ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਇਸ ਟੀਕਾਕਰਨ ਮੁਹਿੰਮ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਲਗਭਗ ਸਾਰੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਬੇਝਿੱਜਕ ਵੈਕਸੀਨੇਸ਼ਨ ਕਰਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਖਾਰ, ਖੰਘ, ਜ਼ੁਕਾਮ, ਗਲੇ ਵਿਚ ਜ਼ਖਮ ਹੋਣ, ਸਰੀਰ ਦੇ ਦਰਦ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਤੁਰੰਤ ਕੋਵਿਡ ਦਾ ਟੈਸਟ ਕਰਵਾਉਣ ਲਈ ਦੁਹਰਾਉਂਦਿਆਂ ਕਿਹਾ ਕਿ ਮੁੱਢਲਾ ਇਲਾਜ ਮਹਾਂਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਕੀਮਤੀ ਜਾਨਾਂ ਬਚਾਉਣ ਵਿਚ ਸਹਾਈ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਦੂਜੀ ਮਾਰੂ ਲਹਿਰ ‘ਤੇ ਫਤਿਹ ਪਾਉਣ ਲਈ ਪ੍ਰਸ਼ਾਸਨ ਨੂੰ ਲੋਕਾਂ ਦੇ ਸਰਗਰਮ ਸਮਰਥਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਦੀ ਸਫਾਈ ਦੇ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸੰਯਮ ਵਰਤਣ ਅਤੇ ਬਿਲਕੁੱਲ ਵੀ ਨਾ ਘਬਰਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਮਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ. ਸਕੱਤਰ ਸਿੰਘ ਬੱਲ ਅਤੇ ਹੋਰ ਵੀ ਹਾਜ਼ਰ ਸਨ।