ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ

Sakshi Sawhney(7)
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ
ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ

ਲੁਧਿਆਣਾ, 21 ਫਰਵਰੀ 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਉਦਯੋਗਪਤੀਆਂ ਨੇ ਪ੍ਰਸ਼ਾਸ਼ਨ ਅੱਗੇ ਆਪਣੇ ਮਸਲੇ ਰੱਖੇ। ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਵਿਸ਼ੇਸ਼ ਤਵੱਜੋਂ ਦਿੰਦਿਆਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਸੜਕਾਂ ਦੇ ਬੁਨਿਆਦੀ ਢਾਂਚੇ, ਸਟਰੀਟ ਲਾਈਟਾਂ, ਟ੍ਰੈਫਿਕ ਜਾਮ, ਪ੍ਰਦੂਸ਼ਣ, ਕਾਨੂੰਨ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਓ.ਟੀ.ਐਸ. ਸਕੀਮ ਅਤੇ ਜਾਅਲੀ ਬਿਲਿੰਗ ਵਰਗੇ ਮੁੱਦਿਆਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਰੋਬਾਰ ਦੀ ਸਹੂਲਤ ਨੂੰ ਹੋਰ ਸੁਖਾਵਾਂ ਬਣਾਉਣ ਲਈ ਸਮਰਪਿਤ ਭਾਵ ਨਾਲ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਨੋਡਲ ਅਫਸਰਾਂ ਦੀ ਨਿਯੁਕਤੀ ਕਰਕੇ ਮਸਲਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ‘ਤੇ ਇਕ ਸਮਰਪਿਤ ਟੀਮ ਨਿਯੁਕਤ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਨਿਬੇੜਨ ਦੇ ਨਿਰਦੇਸ਼ ਵੀ ਦਿੱਤੇ। ਉਦਯੋਗਪਤੀਆਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਠਰ੍ਹਮੇ ਨਾਲ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ।

Spread the love