ਵਸਨੀਕਾਂ ਨੂੰ ਕੀਤੀ ਅਪੀਲ, ਸੈਂਪਲ ਲੈਣ ਵਾਲੀਆਂ ਟੀਮਾਂ ਨੂੰ ਦਿੱਤਾ ਜਾਵੇ ਭਰਪੂਰ ਸਹਿਯੋਗ
ਲੁਧਿਆਣਾ, 23 ਅਕਤੂਬਰ 2021
ਤਿਉਹਾਰਾਂ ਦੇ ਸੀਜ਼ਨ ਦੌਰਾਨ ਕਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿੱਚ ਵਿਆਪਕ ਪੱਧਰ ‘ਤੇ ਕੋਵਿਡ-19 ਸੈਂਪਲਿੰਗ ਦੀ ਜਾਂਚ ਅਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਕਿ ਵਾਇਰਸ ‘ਤੇ ਕਾਬੂ ਪਾਉਣ ਲਈ ਟੈਸਟਿੰਗ ‘ਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਐਂਟਰੀ ਪੁਆਇੰਟਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਸਕੂਲਾਂ, ਕਾਲਜਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕ ਅਤੇ ਹੋਰ ਸਟਾਫ, ਹਸਪਤਾਲ, ਲੇਬਰ ਕਲੋਨੀਆਂ ਅਤੇ ਸੰਘਣੀ ਆਬਾਦੀ ਵਾਲੇ ਖੇਤਰ, ਉਦਯੋਗ, ਨਸ਼ਾ ਛੁਡਾਊ ਕੇਂਦਰ, ਜਿੰਮ ਅਤੇ ਹੋਰ ਸਥਾਨਾਂ ‘ਤੇ ਸੈਂਪਲ ਲੈਣ ਨੂੰ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਣ ਕਿਉਂਕਿ ਇਨ੍ਹਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਆਮਦ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਆਪਣੀਆਂ ਦੁਕਾਨਾਂ ‘ਤੇ ਆਉਣ ਵਾਲੇ ਗ੍ਰਾਹਕਾਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।
ਸ੍ਰੀ ਸ਼ਰਮਾ ਨੇ ਲੋਕਾਂ ਨੂੰ ਸੈਂਪਲ ਲੈਣ ਵਾਲੀਆਂ ਟੀਮਾਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਕਿਉਂਕਿ ਇਹ ਲੋਕਾਂ ਦੀ ਜਾਨਲੇਵਾ ਬਿਮਾਰੀ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਇਲਾਵਾ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਇਸ ਤੋਂ ਇਲਾਵਾ ਕੋਰੋਨਾ ਤੋ ਸੁਰੱਖਿਆ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਜਿਸ ਵਿੱਚ ਮਾਸਕ ਪਾਉਣਾ, ਸਮਾਜਕ ਦੂਰੀ ਬਣਾਈ ਰੱਖਣਾ, ਹੱਥ ਧੋਣੇ ਅਤੇ ਹੋਰ ਸ਼ਾਮਲ ਹਨ।